ਪੱਤਰ ਪ੍ਰੇਰਕ
ਖਰੜ, 5 ਜੁਲਾਈ
ਖਰੜ ਦੀ ਵਿਧਾਇਕਾ ਅਨਮੋਲ ਗਗਨ ਮਾਨ ਨੇ ਕੱਲ੍ਹ ਪੰਜਾਬ ਦੇ ਕੈਬਨਿਟ ਮੰਤਰੀ ਦੇ ਤੌਰ ’ਤੇ ਸਹੁੰ ਚੁੱਕੀ ਹੈ, ਨੇ ਖਰੜ ਹਲਕੇ ਦੇ ਲੋਕਾਂ ਨੂੰ ਇਹ ਵਿਸ਼ਵਾਸ ਦੁਆਇਆ ਹੈ ਕਿ ਭ੍ਰਿਸ਼ਟਾਚਾਰ ਮੁਕਤ ਸਿਸਟਮ ਬਣਾ ਕੇ ਉਹ ਹਲਕੇ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਆਪਣੀ ਪੂਰੀ ਵਾਹ ਲਗਾ ਦੇਣਗੇ। ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਸਹੁੰ ਚੁੱਕਣ ਉਪਰੰਤ ਪੰਜਾਬੀ ਟ੍ਰਿਬਿਊਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਉਨ੍ਹਾਂ ਖਰੜ ਹਲਕੇ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਆਪਣੀਆਂ ਸਮੱਸਿਆਵਾਂ ਸਬੰਧੀ ਬੇਫਿਕਰ ਹੋ ਜਾਣ ਕਿਉਂਕਿ ਉਹ ਹੁਣ ਖੁਦ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰੇਗੀ।
ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇ ਕੋਈ ਇਸ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਜਾਂਚ ਕਰਨ ਉਪਰੰਤ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੜ ਹਲਕਾ ਉਨ੍ਹਾਂ ਦਾ ਘਰ ਹੈ ਤੇ ਉਹ ਇਥੋਂ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿੰਮੇਵਾਰੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਲੋਕਾਂ ਦੇ ਪੈਸਾ ਜੋ ਟੈਕਸਾਂ ਦੇ ਰੂਪ ਵਿਚ ਇਕੱਠਾ ਹੁੰਦਾ ਹੈ, ਲੋਕਾਂ ਉਤੇ ਸਹੂਲਤਾਂ ਦੇ ਰੂਪ ਵਿਚ ਖਰਚਿਆ ਜਾਵੇ।