ਸ਼ਹੀਦੀ ਸਮਾਗਮਾਂ ਦੀ ਲੜੀ ਬਾਰੇ ਪ੍ਰੋਗਰਾਮਾਂ ਦਾ ਐਲਾਨ
ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੀ ਲੜੀ ਬਾਰੇ ਮੁਹਾਲੀ ਖੇਤਰ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤਹਿਤ 20 ਸਤੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਭਾਈ ਅਰਵਿੰਦਰ ਪਾਲ ਸਿੰਘ ਕਿੱਟੂ ਦੀ ਅਗਵਾਈ ’ਚ ਕੀਤੇ ਜਾਣ ਵਾਲੇ ਧਾਰਮਿਕ ਪ੍ਰੋਗਰਾਮਾਂ ਦੀ ਲੜੀ ਵਿੱਚ ਗੁਰਦੁਆਰਾ ਸਿੰਘ ਸ਼ਹੀਦਾਂ ਤੇ ਅਕਾਲ ਆਸ਼ਰਮ ਸੋਹਾਣਾ, ਗੁਰਦੁਆਰਾ ਸ੍ਰੀ ਅੰਬ ਸਾਹਿਬ ਅਤੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਦੀਆਂ ਪ੍ਰਬੰਧਕੀ ਕਮੇਟੀਆਂ ਵੱਲੋਂ ਇਕੱਠੀ ਮੀਟਿੰਗ ਕਰਕੇ ਸਾਂਝੇ ਫ਼ੈਸਲੇ ਲਏ ਗਏ। ਗੁਰਦੁਆਰਾ ਅੰਬ ਸਾਹਿਬ ਵਿੱਚ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ, ਐੱਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਗਗਨਦੀਪ ਸਿੰਘ ਰਾਜਾ, ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ 17, 18, 19 ਅਤੇ 20 ਸਤੰਬਰ ਨੂੰ ਧਾਰਮਿਕ ਸਮਾਗਮਾਂ ਦੀ ਲੜੀ ਚਲਾਈ ਜਾਵੇਗੀ। ਜਿਸ ਦੌਰਾਨ ਪੰਥ ਦੇ ਸਿਰਮੌਰ ਜਥਿਆਂ ਵੱਲੋਂ ਸਬਦ ਕੀਰਤਨ ਅਤੇ ਕਥਾ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 21 ਸਤੰਬਰ ਨੂੰ ਗੁਰਦੁਆਰਾ ਸ੍ਰੀ ਅਕਾਲ ਆਸ਼ਰਮ ਸੋਹਾਣਾ ਵਿੱਚ ਸਵੇਰੇ 10 ਵਜੇ ਅੰਮ੍ਰਿਤ ਸੰਚਾਰ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 20 ਸਤੰਬਰ ਨੂੰ ਸਵੇਰੇ 10:30 ਵਜੇ ਨਗਰ ਕੀਰਤਨ ਸਜਾਇਆ ਜਾਵੇਗੀ, ਜੋ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼ੁਰੂ ਹੋ ਕੇ ਸੈਕਟਰ 70, ਫੇਜ਼ 7, 8, 9, 10 ਅਤੇ ਫੇਜ਼ 11 ਤੋਂ ਹੁੰਦਾ ਹੋਇਆ ਬੈੱਸਟੈੱਕ ਮਾਲ, ਆਈਸਰ ਰੋਡ ਰਾਹੀਂ ਗੁਰਦੁਆਰਾ ਨਾਭਾ ਸਾਹਿਬ ਵਿੱਚ ਸਮਾਪਤ ਹੋਵੇਗਾ।
ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮੂਹ ਧਾਰਮਿਕ ਜਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਸੰਗਤ ਨੂੰ ਵੱਧ ਚੜ੍ਹਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਮਨਜੀਤ ਸਿੰਘ ਮਾਨ, ਕਰਮ ਸਿੰਘ ਬਾਬਰਾ, ਸਮਸੇਰ ਸਿੰਘ ਪੁਰਖਾਲਵੀ, ਗੁਰਮੀਤ ਸਿੰਘ, ਜਪਨਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਸੰਦੀਪ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ ਅਤੇ ਕੈਪਟਨ ਰਮਨਦੀਪ ਸਿੰਘ ਬਾਵਾ ਹਾਜ਼ਰ ਸਨ।