ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 11 ਜੂਨ
ਅੱਜ ਇੱਥੇ ਸਰਵ ਸਿੱਖਿਆ ਅਭਿਆਨ ਮਿੱਡ-ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕੱਚੇ ਦਫ਼ਤਰੀ ਕਾਮਿਆ ਨੂੰ ਪੱਕਾ ਕਰਨ ਦੀ ਥਾਂ 5000 ਤੋਂ 6000 ਰੁਪਏ ਦੀ ਤਨਖ਼ਾਹ ਕਟੌਤੀ ਕਰ ਦਿੱਤੀ ਹੈ। ਇਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਕੁਲਦੀਪ ਸਿੰਘ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਦਫ਼ਤਰੀ ਕਰਮਚਾਰੀਆਂ ਦੂਰ-ਦੁਰਾਡੇ ਡਿਊਟੀਆਂ ਲਾਈਆ ਗਈਆ ਸਨ। ਤਨਖ਼ਾਹ ਕਟੌਤੀ, ਆਰਜ਼ੀ ਡਿਊਟੀਆਂ ਰੱਦ ਕਰਨ, ਰੈਗੂਲਰ ਕਰਨ ਅਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਸਬੰਧੀ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਤੱਕ ਪਹੁੰਚ ਕਰ ਚੁੱਕੇ ਹਨ ਪਰ ਇਹ ਦੋਵੇਂ ਆਗੂ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਤੋਂ ਭੱਜ ਰਹੇ ਹਨ। ਜਿਸ ਕਰਕੇ ਮੁਲਾਜ਼ਮਾਂ ਕੋਲ ਹੁਣ ਸੰਘਰਸ਼ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਬਚਿਆ ਹੈ। ਮੁਲਾਜ਼ਮਾਂ ਨੇ 14 ਜੂਨ ਨੂੰ ਸਿੱਖਿਆ ਮੰਤਰੀ ਦੀ ਬਰਨਾਲਾ ਸਥਿਤ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕਰਨ ਤੋਂ ਪਿੱਛੇ ਨਹੀਂ ਹਟਣਗੇ। ਇਸ ਮੌਕੇ ਜਗਜੀਤ ਸਿੰਘ, ਭੁਪਿੰਦਰ ਕੁਮਾਰ ਹਾਜ਼ਰ ਸਨ।