ਜਗਮੋਹਨ ਸਿੰਘ
ਘਨੌਲੀ, 26 ਜੁਲਾਈ
ਅੱਜ ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ। ਪ੍ਰਿੰਸੀਪਲ ਇੰਦੂ ਦੀ ਦੇਖ ਰੇਖ ਅਧੀਨ ਸਕੂਲ ਪ੍ਰਬੰਧਕ ਕਮੇਟੀ ਤੇ ਕ੍ਰਿਕਟ ਕਲੱਬ ਘਨੌਲੀ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ’ਚ ਪਹਿਲੇ, ਦੂਜੇ ਅਤੇ ਤੀਜੇ ਨੰਬਰ ’ਤੇ ਰਹਿਣ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ ਗਏ ਤੇ ਮੈਰਿਟ ਵਿੱਚ ਆਈ ਵਿਦਿਆਰਥਣ ਸੋਨਲਪ੍ਰੀਤ ਕੌਰ ਤੇ ਉਸ ਦੇ ਮਾਪਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਇੰਦੂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੌਰਾਨ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਵਾਇਸ ਚੇਅਰਮੈਨ ਜਸਵੀਰ ਸਿੰਘ ਥਲੀ ਕਲਾਂ ਤੋਂ ਇਲਾਵਾ ਹੋਰ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਅਤੇ ਸਕੂਲ ਅਧਿਆਪਕ ਵੀ ਹਾਜ਼ਰ ਸਨ।