ਬੇਅਦਬੀ ਖ਼ਿਲਾਫ਼ ਬਿੱਲ: ਤ੍ਰਿਪਤ ਰਾਜਿੰਦਰ ਬਾਜਵਾ ਨੇ ਅਸਤੀਫ਼ਾ ਦਿੱਤਾ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਫਤਿਹਗੜ੍ਹ ਚੂੜੀਆਂ ਤੋਂ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਵੱਲੋਂ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਸਬੰਧੀ ਬਿੱਲ-2025’ ਸਬੰਧੀ ਬਣਾਈ 15 ਮੈਂਬਰੀ ਸਿਲੈਕਟ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਸ੍ਰੀ ਬਾਜਵਾ ਨੇ ਅਸਤੀਫ਼ਾ ਕੁਝ ਸਮੇਂ ਪਹਿਲਾਂ ਦਿੱਤਾ ਸੀ ਜਿਸ ਦਾ ਅੱਜ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਬਾਜਵਾ ਨੇ ਕਿਹਾ ਕਿ ਉਨ੍ਹਾਂ ਪਿਛਲੇ ਦਿਨੀਂ ਗੋਡਿਆਂ ਦਾ ਅਪਰੇਸ਼ਨ ਕਰਵਾਇਆ ਸੀ, ਜਿਸ ਕਰਕੇ ਡਾਕਟਰਾਂ ਨੇ ਉਸ ਨੂੰ ਤੁਰਨ ਫਿਰਨ ਅਤੇ ਲੱਤਾਂ ਲਟਕਾ ਕੇ ਬੈਠਣ ਤੋਂ ਮਨਾਂ ਕੀਤਾ ਹੈ। ਅਜਿਹੇ ਹਾਲਾਤ ਵਿੱਚ ਉਹ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕਦੇ, ਜਿਸ ਕਰਕੇ ਉਨ੍ਹਾਂ ਨੇ ਸਿਲੈਕਟ ਕਮੇਟੀ ਤੋਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਜੁੜੇ ਮਾਮਲੇ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਵਰਤਣਾ ਚਾਹੁੰਦੇ ਹਨ, ਪਰ ਬਹੁਤਾ ਤੁਰ ਫਿਰ ਨਾ ਸਕਣ ਕਰਕੇ ਉਨ੍ਹਾਂ ਨੇ ਸਿਲੈਕਟ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ-2025’ ਲਿਆਂਦਾ ਗਿਆ ਸੀ, ਜਿਸ ਨੂੰ ਅਮਲੀ ਰੂਪ ਦੇਣ ਲਈ ਪੰਜਾਬ ਵਿਧਾਨ ਸਭਾ ਨੇ ਜੁਲਾਈ ਮਹੀਨੇ ਵਿੱਚ ਸਾਬਕਾ ਮੰਤਰੀ ਡਾ. ਇੰਦਰਬੀਰ ਨਿੱਝਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈਕਟ ਕਮੇਟੀ ਬਣਾ ਦਿੱਤੀ ਸੀ। ਇਸ ਕਮੇਟੀ ਵਿੱਚ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿਸ ਵਿੱਚ ‘ਆਪ’ ਦੇ 11, ਕਾਂਗਰਸ ਦੇ ਦੋ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਇਕ-ਇਕ ਵਿਧਾਇਕ ਸ਼ਾਮਲ ਕੀਤਾ ਗਿਆ ਸੀ। ਇਸ ਕਮੇਟੀ ਵੱਲੋਂ ਛੇ ਮਹੀਨਿਆਂ ਵਿੱਚ ਆਪਣੀ ਰਿਪੋਰਟ ਸੌਂਪਣੀ ਹੈ।
