ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਫਰਵਰੀ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਦੀ ਆਬੋ-ਹਵਾ ’ਚ ਸੁਧਾਰ ਲਿਆਉਣ ਲਈ ਇਲੈਕਟ੍ਰਿਕ ਵਾਹਨ ਪਾਲਿਸੀ ਦੇ ਡਰਾਫ਼ਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪਾਲਿਸੀ ਤਹਿਤ ਪ੍ਰਸ਼ਾਸਨ ਵੱਲੋਂ ਅਗਲੇ ਪੰਜ ਸਾਲਾਂ ਵਿੱਚ ਸ਼ਹਿਰ ’ਚ ਇਲੈਕਟ੍ਰਿਕ ਵਾਹਨਾਂ ਦੀ ਗਿਣਤੀ ਵਧਾਉਣ ’ਤੇ ਜ਼ੋਰ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਪਾਲਿਸੀ ਤਹਿਤ ਸਾਈਕਲ, ਦੋ ਪਹੀਆ ਵਾਹਨ ਅਤੇ ਵੱਖ-ਵੱਖ ਤਰ੍ਹਾਂ ਦੇ ਪਹਿਲੇ ਇਕ-ਇਕ ਹਜ਼ਾਰ ਖਰੀਦਦਾਰਾਂ ਨੂੰ ਪ੍ਰਸ਼ਾਸਨ ਵੱਲੋਂ ਤਿੰਨ ਹਜ਼ਾਰ ਰੁਪਏ ਤੋਂ ਲੈ ਕੇ 15 ਹਜ਼ਾਰ ਰੁਪਏ ਤੱਕ ਦੀ ਵਿੱਤੀ ਮਦਦ ਕੀਤੀ ਜਾਵੇਗਾ। ਪ੍ਰਸ਼ਾਸਨ ਵੱਲੋਂ ਤਿਆਰ ਕੀਤੀ ਗਈ ਪਾਲਿਸੀ ਤਹਿਤ ਸ਼ਹਿਰ ’ਚ ਵਧੇਰੇ ਚਾਰਜਿੰ ਸਟੇਸ਼ਨ ਸਥਾਪਤ ਕਰਨ ਦਾ ਦਾਅਵਾ ਕੀਤਾ ਗਿਆ ਹੈ। ਗੌਰਤਲਬ ਹੈ ਕਿ ਯੂਟੀ ਪ੍ਰਸ਼ਾਸਨ ਨੇ ਈਵੀ ਪਾਲਸੀ ਦੇ ਲਾਗੂ ਹੋਣ ਤੋਂ ਪਹਿਲਾਂ ਹੀ ਸ਼ਹਿਰ ਵਿੱਚ ਇਲੈਕਟ੍ਰਿਕ ਬੱਸਾਂ ਦੀ ਖਰੀਦ ਦੀ ਪ੍ਰਵਾਨਗੀ ਦੇ ਦਿੱਤੀ ਹੈ। ਪਹਿਲੇ ਗੇੜ ’ਚ 40 ਇਲੈਕਟ੍ਰਿਕ ਬੱਸਾਂ ਦੀ ਖਰੀਦ ਕੀਤੀ ਗਈ ਹੈ ਜਦੋਂ ਕਿ ਦੂਜੇ ਗੇੜ ’ਚ 40 ਹੋਰ ਬੱਸਾਂ ਦੀ ਖਰੀਦ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਹ ਬੱਸਾਂ ਵੀ ਜੁਲਾਈ ਮਹੀਨੇ ’ਚ ਪਹੁੰਚ ਜਾਣਗੀਆਂ।