ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੁਲਾਈ
ਸਥਾਨਕ ਪੁਲੀਸ ਨੇ ਇੰਸ਼ੋਰੈਂਸ ਕੰਪਨੀ ਦਾ ਮੁਲਾਜ਼ਮ ਬਣ ਕੇ ਧੋਖਾਧੜੀ ਕਰਨ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਫੈਜ਼ਲ ਹੁਸੈਨ ਵਾਸੀ ਦਿੱਲੀ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸਾਈਕਲ ਸੈੱਲ ਦੀ ਟੀਮ ਨੇ ਮਨੀਮਾਜਰੇ ਵਿਖੇ ਰਹਿਣ ਵਾਲੇ ਮਲਕੀਤ ਸਿੰਘ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਮੁਲਜ਼ਮ ਨੇ ਖੁਦ ਨੂੰ ਨਿੱਜੀ ਲਾਈਫ ਇੰਸ਼ੋਰੈਂਸ ਕੰਪਨੀ ਦਾ ਮੁਲਾਜ਼ਮ ਦੱਸ ਕੇ ਇੰਸ਼ੋਰੈਂਸ ਕਰਵਾਉਣ ਦੀ ਗੱਲ ਆਖੀ, ਜਿਸ ਤੋਂ ਬਾਅਦ ਵੱਖ-ਵੱਖ ਬੈਂਕ ਖਾਤਿਆਂ ਵਿੱਚ ਪੈਸੇ ਪਵਾ ਲਏ। ਪੁਲੀਸ ਨੇ ਮੁਲਜ਼ਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਤੇ ਅਦਾਲਤ ਤੋਂ ਦੋ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ।