ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਮਈ
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਚੋਰੀ ਅਤੇ ਲੁੱਟ-ਖੋਹ ਦੀਆਂ ਵੱਖ-ਵੱਖ ਵਾਰਦਾਤਾਂ ਕਰਨ ਵਾਲੇ ਮੁਲਜ਼ਮ ਅਮਨਦੀਪ ਸਿੰਘ ਉਰਫ਼ ਪੱਪੂ ਵਾਸੀ ਮੌਲੀ ਬੈਦਵਾਨ (ਮੁਹਾਲੀ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਕੋਲੋਂ ਸ਼ਾਹਬਾਦ ਤੋਂ ਚੋਰੀ ਕੀਤਾ ਹੀਰੋ ਹਾਂਡਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਨਦੀਪ ਸਿੰਘ ਉਰਫ਼ ਪੱਪੂ ਮੁਹਾਲੀ ਖੇਤਰ ਵਿੱਚ ਚੋਰੀਆਂ ਤੇ ਖੋਹਾਂ ਦੀ ਵਾਰਦਾਤਾਂ ਕਰਦਾ ਹੈ। ਇਸ ਸਬੰਧੀ ਪੁਲੀਸ ਨੇ ਇੱਥੋਂ ਦੇ ਸੈਕਟਰ-88 ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅਮਨਦੀਪ ਸਿੰਘ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕਰ ਲਿਆ। ਮੁਲਜ਼ਮ ਕੋਲੋਂ ਲੋਕਾਂ ਤੋਂ ਖੋਹੇ 12 ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ। ਪੁਲੀਸ ਅਨੁਸਾਰ ਮੁਲਜ਼ਮ ਦਾ ਵਾਰਦਾਤ ਨੂੰ ਅੰਜਾਮ ਦੇਣ ਦਾ ਤਰੀਕਾ ਇਹ ਸੀ ਕਿ ਉਸਾਰੀ ਅਧੀਨ ਮਕਾਨਾਂ ਵਿੱਚ ਕੰਮ ਕਰਦੀ ਲੇਬਰ ਰਾਤ ਦੇ ਸਮੇਂ ਸੁੱਤੀ ਹੁੰਦੀ ਸੀ। ਉਸ ਸਮੇਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ।