ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਕਤੂਬਰ
ਇੱਥੋਂ ਦੀ ਪੁਲੀਸ ਨੇ ਸੈਕਟਰ-22 ਦੇ ਨੁੱਕੜ ਢਾਬੇ ’ਤੇ ਹੰਗਾਮਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮੁਕੇਸ਼ ਪਾਸੀ ਵਾਸੀ ਸੈਕਟਰ-35 ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-17 ਦੀ ਪੁਲੀਸ ਨੇ ਢਾਬਾ ਮਾਲਕ ਪੰਕਜ ਦੀ ਸ਼ਿਕਾਇਤ ’ਤੇ ਕੀਤੀ ਹੈ। ਪੰਕਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਪਿਛਲੇ ਐਤਵਾਰ ਕੁਝ ਵਿਅਕਤੀ ਨੁੱਕੜ ਢਾਬੇ ਕੋਲ ਬੈਠੇ ਸ਼ਰਾਬ ਪੀ ਰਹੇ ਸਨ, ਵਿਰੋਧ ਕਰਨ ’ਤੇ ਮੁਲਜ਼ਮ ਤਲਵਾਰ ਲੈ ਕੇ ਆ ਗਿਆ ਤੇ ਹਮਲਾ ਕਰ ਦਿੱਤਾ। ਉਸ ਨੇ ਢਾਬੇ ਦੀ ਤੋੜ-ਭੰਨ ਕੀਤੀ ਅਤੇ ਤਿੰਨ ਜਣਿਆਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਡੀਐੱਸਪੀ ਸੈਂਟਰਲ ਗੁਰਮੁੱਖ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਰਿਮਾਂਡ ਲੈ ਕੇ ਮੁਲਜ਼ਮ ਦੀ ਬਿਸ਼ਨੋਈ ਗੈਂਗ ਨਾਲ ਸਬੰਧਾਂ ਬਾਰੇ ਪੜਤਾਲ ਕੀਤੀ ਜਾਵੇਗੀ।