ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਨਗਰ ਨਿਗਮ ਵੱਲੋਂ ਕਲੋਨੀਆਂ ਅਤੇ ਪਿੰਡਾਂ ਵਿੱਚ ਪ੍ਰਾਪਰਟੀ ਟੈਕਸ ਦੇ ਦਿੱਤੇ ਜਾ ਰਹੇ ਨੋਟਿਸਾਂ ਦੇ ਸਬੰਧ ਵਿੱਚ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਅੱਜ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਅਤੇ ਪ੍ਰਾਪਰਟੀ ਟੈਕਸ ਮੁਆਫ ਕਰਨ ਦੀ ਮੰਗ ਕੀਤੀ। ਸ੍ਰੀ ਸੂਦ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਿੰਡਾਂ ਅਤੇ ਕਲੋਨੀ ਵਾਸੀਆਂ ਨੂੰ ਜੁਰਮਾਨੇ ਸਮੇਤ ਪ੍ਰਾਪਰਟੀ ਟੈਕਸ ਦੇ ਨੋਟਿਸ ਭੇਜੇ ਜਾ ਰਹੇ ਹਨ ਜਿਨ੍ਹਾਂ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੁਰਮਾਨੇ ਦੀ ਰਕਮ ਤੁਰੰਤ ਮੁਆਫ਼ ਕੀਤੀ ਜਾਵੇ ਅਤੇ ਪ੍ਰਾਪਰਟੀ ਟੈਕਸ ਨਾ ਵਸੂਲਿਆ ਜਾਵੇ। ਪ੍ਰਸ਼ਾਸਕ ਨੇ ਨਗਰ ਨਿਗਮ ਦੇ ਕਮਿਸ਼ਨਰ, ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਇਸ ਸਬੰਧੀ ਯੋਗ ਫੈਸਲਾ ਲਿਆ ਜਾਵੇਗਾ। ਇਸ ਤੋਂ ਬਾਅਦ ਭਾਜਪਾ ਆਗੂ ਨੇ ਪਾਰਟੀ ਦਫ਼ਤਰ ਵਿੱਚ ਕੌਂਸਲਰਾਂ ਨਾਲ ਪ੍ਰੀ-ਹਾਊਸ ਮੀਟਿੰਗ ਕੀਤੀ। ਇਸ ਦੌਰਾਨ ਹਦਾਇਤ ਕੀਤੀ ਕਿ ਨਗਰ ਨਿਗਮ ਹਾਊਸ ਦੀ 27 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਪ੍ਰਾਪਰਟੀ ਟੈਕਸ ਖ਼ਿਲਾਫ਼ ਮਤਾ ਪਾਸ ਕਰਕੇ ਪ੍ਰਸ਼ਾਸਨ ਨੂੰ ਭੇਜਿਆ ਜਾਵੇ। ਸ੍ਰੀ ਸੂਦ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪ੍ਰਾਪਰਟੀ ਟੈਕਸ ਦੇ ਨਾਂ ’ਤੇ ਧੱਕਾ ਨਹੀਂ ਹੋਣ ਦੇਵੇਗੀ।
31 ਜੁਲਾਈ ਤੱਕ ਬਿਨਾਂ ਜੁਰਮਾਨੇ ਤੋਂ ਪ੍ਰਾਪਰਟੀ ਟੈਕਸ ਭਰਨ ਦੀ ਛੋਟ: ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਦੇ ਉਦਯੋਗਿਕ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ 31 ਮਈ ਤੱਕ ਪ੍ਰਾਪਰਟੀ ਟੈਕਸ ਭਰਨ ਦੇ ਆਦੇਸ਼ ਦਿੱਤੇ ਸਨ। ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹੀਆਂ ਨੂੰ ਬਿਨਾਂ ਕਿਸੇ ਜੁਰਮਾਨੇ ਤੋਂ ਪ੍ਰਾਪਰਟੀ ਟੈਕਸ 31 ਜੁਲਾਈ ਤੱਕ ਭਰਨ ਦੀ ਛੋਟ ਦੇ ਦਿੱਤੀ ਹੈ।