ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 11 ਜਨਵਰੀ
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਮੁਹਾਲੀ ਪੁਲੀਸ ਅਤੇ ਨੀਮ ਫ਼ੌਜੀ ਬਲਾਂ ਦੇ ਜਵਾਨਾਂ ਨੇ ਸ਼ਹਿਰ ਵਿੱਚ ਫਲੈਗ ਮਾਰਚ ਕੀਤਾ ਅਤੇ ਸਥਾਨਕ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ ਤੋਂ ਮਤਦਾਨ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲੀਸ ਨੂੰ ਸਹਿਯੋਗ ਦਿੱਤਾ ਜਾਵੇ ਅਤੇ ਸ਼ੱਕੀ ਵਿਅਕਤੀਆਂ ਅਤੇ ਲਾਵਾਰਸ ਸਾਮਾਨ ਬਾਰੇ ਤੁਰੰਤ ਨਜ਼ਦੀਕੀ ਪੁਲੀਸ ਥਾਣੇ ਜਾਂ ਪੁਲੀਸ ਕੰਟਰੋਲ ਰੂਮ ’ਤੇ ਇਤਲਾਹ ਦਿੱਤੀ ਜਾਵੇ।
ਜ਼ਿਲ੍ਹਾ ਪੁਲੀਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਸੁਰੱਖਿਆ ਪ੍ਰਬੰਧਾਂ ਅਤੇ ਮੌਜੂਦਾ ਹਾਲਾਤਾਂ ਬਾਰੇ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ਹਿਰ ਵਿੱਚ ਐੱਸਪੀ (ਸਿਟੀ) ਰਵਿੰਦਰਪਾਲ ਸਿੰਘ ਸੰਧੂ ਅਤੇ ਡੀਐਸਪੀ ਮਹੇਸ਼ਇੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਮੁਹਾਲੀ ਦੇ ਫੇਜ਼-1 ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ’ਚੋਂ ਹੁੰਦਾ ਹੋਇਆ ਫੇਜ਼-11 ਵਿੱਚ ਸਮਾਪਤ ਹੋਇਆ। ਫੇਜ਼-3ਬੀ2 ਤੋਂ ਫੇਜ਼-7 ਦੀਆਂ ਭੀੜ ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਵੀ ਪੈਦਲ ਫਲੈਗ ਮਾਰਚ ਕੀਤਾ ਗਿਆ। ਇਸ ਵਿੱਚ ਸੀਆਈਐਸਐਫ਼ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਵੀ ਹਿੱਸਾ ਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਆਮ ਸ਼ਹਿਰੀਆਂ ਨੂੰ ਸੁਨੇਹਾ ਦਿੱਤਾ ਗਿਆ ਕਿ ਉਹ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਤੁਰੰਤ ਲੋਕਲ ਪੁਲੀਸ ਨੂੰ ਸੂਚਿਤ ਕਰਨ। ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ ਵਿੱਚ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।