ਆਤਿਸ਼ ਗੁਪਤਾ
ਚੰਡੀਗੜ੍ਹ, 29 ਅਪਰੈਲ
ਸ਼ਹਿਰ ਵਿੱਚ ਕਰੋਨਾਵਾਇਰਸ ਦਾ ਪਸਾਰ ਰੋਕਣ ਲਈ ਯੂਟੀ ਪ੍ਰਸ਼ਾਸਨ ਵੱਲੋਂ ਲਾਏ ਗਏ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਦੇ ਮੱਦੇਨਜ਼ਰ ਅੱਜ ਸ਼ਾਮ 5 ਵਜੇ ਸ਼ਹਿਰ ਦੀਆਂ ਮਾਰਕੀਟਾਂ ਬੰਦ ਹੋ ਗਈਆਂ ਹਨ ਪਰ ਸ਼ਹਿਰ ਦੀਆਂ ਸੜਕਾਂ ’ਤੇ ਆਵਾਜਾਈ ਜਾਰੀ ਰਹੀ। ਸਿਰਫ਼ ਜ਼ਰੂਰੀ ਵਸਤੂਆਂ ਦੀ ਹੋਮ ਡਿਲੀਵਰੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਕਰਕੇ ਚੋਣਵੀਂ ਦੁਕਾਨਾਂ ਖੁੱਲ੍ਹੀਆਂ ਰਹੀਆਂ ਹਨ।
ਸ਼ਹਿਰ ਵਿੱਚ ਲਗਾਤਾਰ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਦੇਖਦਿਆਂ ਯੂਟੀ ਪ੍ਰਸ਼ਾਸਨ ਹਫ਼ਤਾਵਰੀ ਲੌਕਡਾਊਨ ਲਗਾਉਣ ਦਾ ਮੁੜ ਫ਼ੈਸਲਾ ਲੈ ਸਕਦਾ ਹੈ। ਇਸ ਬਾਰੇ ਸ਼ੁੱਕਰਵਾਰ ਨੂੰ ਹੋਣ ਵਾਰੀ ਕਰੋਨਾ ਰੋਕੂ ਪ੍ਰਬੰਧਾਂ ਦੀ ਮੀਟਿੰਗ ਵਿੱਚ ਵਿਚਾਰ ਚਰਚਾ ਕੀਤੀ ਜਾਵੇਗੀ।
ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲੇ ਸ਼ਹਿਰ ਵਿੱਚ ਹਫ਼ਤਾਵਰੀ ਲੌਕਡਾਊਨ ਲਗਾਉਣ ਦਾ ਕੋਈ ਵਿਚਾਰ ਨਹੀਂ ਹੈ। ਪਰ ਇਸ ਸਬੰਧੀ ਕੋਈ ਵੀ ਫ਼ੈਸਲਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਹੀ ਲਿਆ ਜਾਵੇਗਾ।
33 ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ
ਸਿਟੀ ਬਿਊਟੀਫੁੱਲ ਵਿੱਚ ਲਗਾਤਾਰ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਦੇਖਦਿਆ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ 33 ਨਵੇਂ ਕੰਟੇਨਮੈਂਟ ਜ਼ੋਨ ਬਨਾਉਣ ਦੇ ਆਦੇਸ਼ ਦਿੱਤੇ ਹਨ। ਇਹ ਕੰਟੇਨਮੈਂਟ ਜ਼ੋਨ ਸੈਕਟਰ-7, 18, 19, 21, 27, 28, 29, 30, 32, 33, 34, 35, 36, 37, 0, 51, ਡੱਡੂਮਾਜਰਾ, ਦੜੂਆ, ਮੌਲੀ ਕੰਪਲੈਕਸ, ਮਨੀਮਾਜਰਾ, ਵਿਕਾਸ ਨਗਰ ਅਤੇ ਇੰਦਰਾ ਕਲੋਨੀ ਵਿੱਚ ਬਣਾਏ ਗਏ ਹਨ। ਦੱਸਣਯੋਗ ਹੈ ਕਿ ਪ੍ਰਸ਼ਾਸਨ ਨੇ ਪਹਿਲਾਂ ਵੀ ਸ਼ਹਿਰ ਵਿੱਚ 136 ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ।