ਚੰਡੀਗੜ੍ਹ ’ਚ ਜਾਇਦਾਦ ਦੇ ਤਬਾਦਲੇ ਲਈ ਆਟੋ-ਮਿਊਟੇਸ਼ਨ ਸਿਸਟਮ ਸ਼ੁਰੂ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਜੁਲਾਈ
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਜਾਇਦਾਦ ਦੀ ਖਰੀਦੋ-ਫਰੋਖਤ ਤੋਂ ਬਾਅਦ ਜਾਇਦਾਦ ਦਾ ਨਾਮ ਟਰਾਂਸਫਰ ਕਰਾਉਣ ਲਈ ਲੋਕਾਂ ਨੂੰ ਪੇਸ਼ ਆਉਂਦੀਆਂ ਦਿੱਕਤਾਂ ਨੂੰ ਦੂਰ ਕਰ ਦਿੱਤਾ ਹੈ। ਹੁਣ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਜਾਇਦਾਦ ਦੇ ਤਬਾਦਲੇ ਲਈ ਆਟੋ-ਮਿਊਟੇਸ਼ਨ ਸਿਸਟਮ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਚੰਡੀਗੜ੍ਹ ਵਿੱਚ ਕਿਸੇ ਵੀ ਜਾਇਦਾਦ ਦੀ ਰਜਿਸਟਰੀ ਹੋਣ ’ਤੇ ਤੁਰੰਤ ਮਾਲਕ ਦਾ ਨਾਮ ਤਬਦੀਲ ਹੋ ਜਾਵੇਗਾ। ਇਸ ਲਈ ਲੋਕਾਂ ਨੂੰ ਵੱਖਰੇ ਤੌਰ ’ਤੇ ਕੋਈ ਪੱਤਰ ਦੇਣ ਦੀ ਲੋੜ ਨਹੀਂ ਹੋਵੇਗੀ ਅਤੇ ਨਾ ਹੀ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਣਗੇ। ਇਸ ਸਿਸਟਮ ਦੀ ਸ਼ੁਰੂਆਤ ਚੰਡੀਗੜ੍ਹ ਅਸਟੇਟ ਵਿਭਾਗ ਨੇ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਰਜਿਸਟਰੀ ਕਰਵਾਉਣ ਤੋਂ ਬਾਅਦ ਜਾਇਦਾਦ ਦੇ ਮਾਲਕ ਦਾ ਨਾਮ ਤਬਦੀਲ ਕਰਵਾਉਣ ਲਈ ਲੋਕਾਂ ਨੂੰ ਅਸਟੇਟ ਦਫ਼ਤਰ ਵਿੱਚ ਅਪਲਾਈ ਕਰਨਾ ਪੈਂਦਾ ਸੀ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਹੁਣ ਲੋਕਾਂ ਨੂੰ ਜਾਇਦਾਦ ਦੀ ਰਜਿਸਟਰੀ ਕਰਵਾਉਣ ਤੋਂ ਬਾਅਦ ਵੱਖਰੇ ਤੌਰ ’ਤੇ ਕੋਈ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੋਵੇਗੀ। ਸ਼ਹਿਰ ਵਿੱਚ ਸਬ ਰਜਿਸਟਰਾਰ ਵੱਲੋਂ ਕਿਸੇ ਵੀ ਦਾਇਦਾਦ ਦੇ ਰਜਿਸਟਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਸਾਰੀ ਜਾਣਕਾਰੀ ਆਨਲਾਈਨ ਹੀ ਅਸਟੇਟ ਵਿਭਾਗ ਨਾਲ ਸਾਂਝੀ ਕੀਤੀ ਜਾਵੇਗੀ, ਜਿਸ ਤੋਂ ਬਾਅਦ ਜਾਇਦਾਦ ਟਰਾਂਸਫਰ ਕਰ ਦਿੱਤੀ ਜਾਵੇਗੀ। ਸ੍ਰੀ ਯਾਦਵ ਨੇ ਕਿਹਾ ਕਿ ਇਸ ਸਿਸਟਮ ਦੇ ਲਾਗੂ ਹੋਣ ਨਾਲ ਲੋਕਾਂ ਦੀ ਖੱਜਲ-ਖੁਆਰੀ ਘਟੇਗੀ। ਉਨ੍ਹਾਂ ਕਿਹਾ ਕਿ ਇਹ ਸਿਸਟਮ ਲੀਜ਼ ਹੋਲਡ, ਫਰੀ ਹੋਲਤ ਸਣੇ ਅਸਟੇਟ ਦਫ਼ਤਰ ਅਧੀਨ ਆਉਂਦੀ ਜਾਇਦਾਦਾਂ ’ਤੇ ਲਾਗੂ ਹੋਵੇਗਾ।