ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਖ਼ਰਾਬ ਮੌਸਮ: ਕਣਕ ਦੀ ਸੰਭਾਲ ਸਬੰਧੀ ਪ੍ਰਬੰਧਾਂ ’ਤੇ ਕਿਸਾਨਾਂ ਨੇ ਚੁੱਕੇ ਸਵਾਲ

ਮੰਡੀਆਂ ਵਿੱਚ ਬੋਰੀਆਂ ਦੇ ਅੰਬਾਰ ਲੱਗਣ ਦਾ ਦਾਅਵਾ
ਮੰਡੀਆਂ ਵਿੱਚ ਅਣਢਕੀਆਂ ਬੋਰੀਆਂ ਦਿਖਾਉਂਦੇ ਹੋਏ ਕਿਸਾਨ ਆਗੂ ।
Advertisement

ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 2 ਮਈ

Advertisement

ਪੰਜਾਬ ਸਰਕਾਰ ਵੱਲੋਂ ਅਨਾਜ ਮੰਡੀਆਂ ਵਿੱਚ ਖ਼ਰਾਬ ਮੌਸਮ ਦੌਰਾਨ ਫ਼ਸਲ ਦੀ ਸੰਭਾਲ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਸਰਕਾਰੀ ਵਾਅਦਿਆਂ ਨੂੰ ਕਿਸਾਨਾਂ ਨੇ ਮੁੱਢੋਂ ਨਕਾਰ ਦਿੱਤਾ ਹੈ। ਹਾਲਾਂਕਿ, ਅੱਜ ਅਚਾਨਕ ਮੌਸਮ ਖ਼ਰਾਬ ਅਤੇ ਹਲਕੀ ਬਾਰਸ਼ ਹੋਣ ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਸੰਭਾਲ ਲਈ ਢੁਕਵੇਂ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਗਏ ਹਨ ਪਰ ਦੂਜੇ ਪਾਸੇ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਹਰਦੀਪ ਸਿੰਘ ਹੈਪੀ ਘੋਗਾ, ਗੋਲਡੀ ਖਰੜ ਅਤੇ ਸ਼ੇਰ ਸਿੰਘ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੀਆਂ ਜ਼ਿਆਦਾਤਰ ਮੰਡੀਆਂ ਵਿੱਚ ਕਣਕ ਦੀਆਂ ਬੋਰੀਆਂ ਦੇ ਢੇਰ ਲੱਗੇ ਹੋਏ ਹਨ। ਸਹੀ ਤਰੀਕੇ ਨਾਲ ਲਿਫ਼ਟਿੰਗ ਨਹੀਂ ਹੋ ਰਹੀ। ਜਿਸ ਕਾਰਨ ਖ਼ਰੀਦੀ ਗਈ ਫ਼ਸਲ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

ਡੀਸੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 1,31,120 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਦੀ 100 ਫੀਸਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਿਸ ’ਚੋਂ 76 ਫੀਸਦੀ ਕਣਕ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 30,886 ਮੀਟਰਿਕ ਟਨ, ਮਾਰਕਫੈੱਡ ਵੱਲੋਂ 24,270 ਮੀਟਰਿਕ ਟਨ, ਪਨਸਪ ਵੱਲੋਂ 24, 957 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 15, 585 ਮੀਟਰਿਕ ਟਨ ਅਤੇ ਐਫ਼ਸੀਆਈ ਵੱਲੋਂ 10,382 ਮੀਟਰਿਕ ਟਨ ਅਤੇ ਵਪਾਰੀ ਵਰਗ ਵੱਲੋਂ 25,240 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਸ੍ਰੀਮਤੀ ਮਿੱਤਲ ਨੇ ਦੱਸਿਆ ਕਿ ਹੁਣ ਹਾੜ੍ਹੀ ਦਾ ਸੀਜ਼ਨ ਆਪਣੇ ਅੰਤਿਮ ਪੜਾਅ ਵੱਲ ਵੱਧ ਰਿਹਾ ਹੈ, ਜਿਸ ਕਰਕੇ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਹੁਣ ਜਲਦੀ ਲਿਫ਼ਟਿੰਗ ਕਰਨ ਦੀ ਹਦਾਇਤ ਕੀਤੀ ਗਈ ਹੈ।

 

ਸੁਚੱਜੇ ਢੰਗ ਨਾਲ ਚੱਲ ਰਹੀ ਹੈ ਖ਼ਰੀਦ ਪ੍ਰਕਿਰਿਆ: ਡੀਸੀ

ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਅਦਾਇਗੀ ਦੇ 254.76 ਕਰੋੜ ਰੁਪਏ ਪਾ ਦਿੱਤੇ ਗਏ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦੀ ਗਈ ਕਣਕ ਦੀ ਅਦਾਇਗੀ ਦੇ ਰੂਪ ਵਜੋਂ ਕਿਸਾਨਾਂ ਨੂੰ 48 ਘੰਟੇ ਮੁਤਾਬਕ 102 ਫੀਸਦੀ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਕਾਰਨ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਸਾਰੇ ਖ਼ਰੀਦ ਕੇਂਦਰਾਂ ਵਿੱਚ ਮਾਰਕੀਟ ਕਮੇਟੀਆਂ, ਸਮੂਹ ਖ਼ਰੀਦ ਏਜੰਸੀਆਂ, ਆੜ੍ਹਤੀਆਂ ਅਤੇ ਕਿਸਾਨਾਂ ਵੱਲੋਂ ਤਰਪਾਲਾਂ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਬਾਰਿਸ਼ ਕਾਰਨ ਕਣਕ ਨੂੰ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ।

Advertisement