Bains Meets Nangal Residents: ਜਨਤਾ ਦੀਆਂ ਮੁਸ਼ਕਲਾਂ ਹੱਲ ਕਰਨਾ ਫ਼ਰਜ਼: ਬੈਂਸ
ਕੈਬਨਿਟ ਮੰਤਰੀ ਨੇ ਨੰਗਲ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਥੇ ਸਥਿਤ ਆਪਣੀ ਰਿਹਾਇਸ਼ ’ਤੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨੰਗਲ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਲੈ ਕੇ ਪਹੁੰਚੇ। ਕੈਬਨਿਟ ਮੰਤਰੀ ਸ੍ਰੀ ਬੈਂਸ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਕੈਬਨਿਟ ਮੰਤਰੀ ਸ੍ਰੀ ਬੈਂਸ ਨੇ ਕਿਹਾ ਕਿ ਨੰਗਲ ਸ਼ਹਿਰ ਵਿੱਚ ਮਿਸ਼ਨ ਕਲੀਨ ਤਹਿਤ ਸਫ਼ਾਈ ਮੁਹਿੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਬੰਧਾਂ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਵੀ ਗੰਦਗੀ ਜਾਂ ਕੂੜੇ ਦੀ ਸਮੱਸਿਆ ਸਾਹਮਣੇ ਆ ਰਹੀ ਹੈ, ਉੱਥੇ ਤੁਰੰਤ ਸਫ਼ਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸਾਫ਼ ਰੱਖਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਦੇ ਨਾਲ-ਨਾਲ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਨਾਲੀਆਂ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਕੰਮਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਲੋਕ ਮਿਲਣੀ ਦੌਰਾਨ ਲੋਕਾਂ ਵੱਲੋਂ ਆਪਣੇ ਇਲਾਕਿਆਂ ਨਾਲ ਸਬੰਧਤ ਵਿਕਾਸ ਕਾਰਜਾਂ ਅਤੇ ਹੋਰ ਜਨਤਕ ਮੁੱਦੇ ਵੀ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੇ ਗਏ।

