ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ(ਮੁਹਾਲੀ), 26 ਮਈ
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਵਿਜੈਇੰਦਰ ਸਿੰਗਲਾ ਲਈ ਮੁਹਾਲੀ ਹਲਕੇ ਵਿੱਚ ਚੋਣ ਪ੍ਰਚਾਰ ਦਾ ਦੂਜਾ ਗੇੜ ਆਰੰਭ ਦਿੱਤਾ ਹੈ। ਇਸੇ ਤਰ੍ਹਾਂ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਰਿਸ਼ਵ ਜੈਨ, ਜਸਪ੍ਰੀਤ ਸਿੰਘ, ਗੁਰਚਰਨ ਸਿੰਘ ਭੰਵਰਾ ਆਦਿ ਵੱਲੋਂ ਵੀ ਮੁਹਾਲੀ ਦੇ ਵੱਖ-ਵੱਖ ਵਾਰਡਾਂ ਵਿੱਚ ਘਰੋਂ-ਘਰੀ ਚੋਣ ਪ੍ਰਚਾਰ ਆਰੰਭਿਆ ਹੋਇਆ ਹੈ।
ਸ੍ਰੀ ਸਿੱਧੂ ਨੇ ਅੱਜ ਪਿੰਡ ਸਿਆਊ, ਪੱਤੋਂ ਅਤੇ ਗੋਬਿੰਦਗੜ੍ਹ ਵਿੱਚ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਕਾਂਗਰਸ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਦਾ ਕੇਂਦਰ ਵਿੱਚ ਆਉਣਾ ਤੈਅ ਹੈ। ਉਨ੍ਹਾਂ ਇਸ ਮੌਕੇ ਅਕਾਲੀ ਦਲ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅਕਾਲੀ ਦਲ ਨੂੰ ਵੋਟ ਪਾਉਣ ਦਾ ਅਰਥ ਭਾਜਪਾ ਨੂੰ ਵੋਟ ਪਾਉਣਾ ਹੋਵੇਗਾ, ਕਿਉਂਕਿ ਲੋਕ ਸਭਾ ਚੋਣ ਤੋਂ ਬਾਅਦ ਅਕਾਲੀ ਦਲ ਨੇ ਨਰਿੰਦਰ ਮੋਦੀ ਨੂੰ ਬਿਨਾਂ ਸ਼ਰਤ ਹਮਾਇਤ ਦੇ ਦੇਣੀ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਉੱਤੇ ਮੁਹਾਲੀ ਦਾ ਵਿਕਾਸ ਠੱਪ ਕਰਨ, ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ, ਝੂਠੀਆਂ ਗਾਰੰਟੀਆਂ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਭਾਜਪਾ ਨੂੰ ਕਿਸਾਨ ਅਤੇ ਲੋਕ ਵਿਰੋਧੀ ਦੱਸਿਆ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਸਿੰਗਲਾ ਦੀ ਜਿੱਤ ਮਗਰੋਂ ਮੁਹਾਲੀ ਹਲਕੇ ਦਾ ਵਿਕਾਸ ਮੁੜ੍ਹ ਰਫ਼ਤਾਰ ਫੜ੍ਹੇਗਾ। ਇਸ ਮੌਕੇ ਲੋਕਾਂ ਨੇ ਉਨ੍ਹਾਂ ਨੂੰ ਸਹਿਯੋਗ ਦਾ ਭਰੋਸਾ ਦਿਵਾਇਆ। ਇਨ੍ਹਾਂ ਇਕੱਠਾਂ ਵਿੱਚ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਮੰਗਲ ਸਿੰਘ ਸਾਬਕਾ ਸਰਪੰਚ ਮੌਜੂਦ ਸਨ।
ਮੋਦੀ ਸਰਕਾਰ ਤੋਂ ਹਰੇਕ ਵਰਗ ਦੁਖੀ: ਟਿੰਕੂ
ਖਰੜ (ਸ਼ਸ਼ੀ ਪਾਲ ਜੈਨ): ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਹਲਕਾ ਇੰਚਾਰਜ ਖਰੜ ਕਾਂਗਰਸ ਪਾਰਟੀ ਵਿਜੈ ਸ਼ਰਮਾ ਟਿੰਕੂ ਨੇ ਵਿਜੈਇੰਦਰ ਸਿੰਗਲਾ ਦੇ ਸਪੁੱਤਰ ਮੋਹਿਤ ਸਿੰਗਲਾ ਸਣੇ ਪਿੰਡ ਭਾਗੋਮਾਜਰਾ ਵਿੱਚ ਚੋਣ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਬਣਾਉਣ ਲਈ ਲੋਕ ਲਹਿਰ ਦੌੜ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਤੋਂ ਦੁਖੀ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਕਾਹਲੇ ਹਨ।