ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 13 ਅਕਤੂਬਰ
ਕੌਮੀ ਗਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਐਤਕੀਂ ਚੰਡੀਗੜ੍ਹ ਵਿੱਚ ਪਟਾਕੇ ਵੇਚਣ ਅਤੇ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਪ੍ਰੰਤੂ ਦੂਜੇ ਪਾਸੇ ਰਾਜਧਾਨੀ ਦੀ ਜੂਹ ਵਿੱਚ ਵਸਦੇ ਮੁਹਾਲੀ ਸ਼ਹਿਰ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਮੁਹਾਲੀ ਪ੍ਰਸ਼ਾਸਨ ਨੇ ਸਥਾਨਕ ਵਸਨੀਕਾਂ ਤੋਂ ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਅਲਾਟ ਕਰਨ ਲਈ ਅਰਜ਼ੀਆਂ ਮੰਗੀਆਂ ਹਨ। ਇਸ ਸਬੰਧੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 26 ਅਕਤੂਬਰ ਨੂੰ ਡਰਾਅ ਕੱਢਿਆ ਜਾਵੇਗਾ ਅਤੇ ਚਾਹਵਾਨ ਨਾਗਰਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਸਥਿਤ ਸੇਵਾ ਕੇਂਦਰ ਵਿਖੇ 18 ਤੋਂ 20 ਅਕਤੂਬਰ ਤੱਕ ਆਰਜ਼ੀ ਲਾਇਸੈਂਸ ਲੈਣ ਲਈ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਡੀਸੀ ਅਨੁਸਾਰ ਬਿਨੈਕਾਰ ਪੰਜਾਬ ਸਰਕਾਰ ਦੀ ਵੈੱਬਸਾਈਟ https://punjab.gov.in/forms ’ਤੇ ਦਿੱਤੇ ਲਿੰਕ emporary Licences for Sale of 6irecrackers ਤੋਂ ਅਰਜ਼ੀ ਫਾਰਮ ਡਾਊਨਨਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਮੁਹਾਲੀ ਜ਼ਿਲ੍ਹੇ ਦੇ ਵਸਨੀਕ ਹੀ ਘੱਟੋ-ਘੱਟ ਦੋ ਸਬੂਤਾਂ ਨਾਲ ਪਟਾਕੇ ਵੇਚਣ ਲਈ ਲਾਇਸੈਂਸ ਲੈਣ ਲਈ ਅਪਲਾਈ ਕਰ ਸਕਦੇ ਹਨ। ਉਧਰ, ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਅਤੇ ਆਪ ਆਗੂ ਵਿਨੀਤ ਵਰਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੀਵਾਲੀ ਸਾਰੇ ਧਰਮਾਂ ਦੇ ਲੋਕਾਂ ਲਈ ਸਭ ਤੋਂ ਵੱਡਾ ਤਿਉਹਾਰ ਹੈ ਜਿਸ ਨੂੰ ਬੜੇ ਚਾਵਾਂ ਨਾਲ ਮਨਾਇਆ ਜਾਂਦਾ ਹੈ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਅਤੇ ਕਾਰੋਬਾਰੀ ਇਨ੍ਹਾਂ ਦਿਨਾਂ ਵਿੱਚ ਪਟਾਕੇ ਅਤੇ ਆਤਿਸ਼ਬਾਜ਼ੀ ਵੇਚਣ ਦਾ ਕੰਮ ਕਰਦੇ ਹਨ। ਉਨ੍ਹਾਂ ਯੂਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਵੀ ਪਟਾਕੇ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ।