ਆਤਿਸ਼ ਗੁਪਤਾ
ਚੰਡੀਗੜ੍ਹ, 12 ਨਵੰਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਮੰਨਦਿਆਂ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਪਟਾਕੇ ਵੇਚਣ ਅਤੇ ਚਲਾਉਣ ’ਤੇ ਲਗਾਈ ਗਈ ਪਾਬੰਦੀ ਬਾਰੇ ਅੱਜ ਮੁੜ ਵਿਚਾਰ ਕੀਤਾ। ਇਸੇ ਦੌਰਾਨ ਪ੍ਰਸ਼ਾਸਨ ਨੇ ਪਟਾਕਿਆਂ ’ਤੇ ਲਗਾਈ ਪਾਬੰਦੀ ’ਚ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿੱਚ ਪਟਾਕੇ ਵੇਚਣ ਅਤੇ ਚਲਾਉਣ ’ਤੇ ਪਾਬੰਦੀ ਬਰਕਰਾਰ ਰਹੇਗੀ।
ਸ੍ਰੀ ਪਰੀਦਾ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਕੇਸ ਮੁੜ ਵਧਣੇ ਸ਼ੁਰੂ ਹੋ ਗਏ ਹਨ। ਜੇਕਰ ਦੀਵਾਲੀ ਮੌਕੇ ਆਤਿਸ਼ਬਾਜ਼ੀ ਕੀਤੀ ਗਈ ਤਾਂ ਹਵਾ ਪ੍ਰਦੂਸ਼ਣ ਦੇ ਵਧਣ ਨਾਲ ਕਰੋਨਾਵਾਇਰਸ ਦੇ ਕੇਸਾਂ ਵਿੱਚ ਵੱਡੇ ਪੱਧਰ ’ਤੇ ਵਾਧਾ ਹੋ ਸਕਦਾ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਅਕਤੀ ਪਾਬੰਦੀ ਦੇ ਬਾਵਜੂਦ ਪਟਾਕੇ ਵੇਚਦਾ ਜਾਂ ਚਲਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਥਾਣਾ ਮਨੀਮਾਜਰਾ ਦੀ ਪੁਲੀਸ ਨੇ ਪਾਬੰਦੀ ਦੇ ਬਾਵਜੂਦ ਪਟਾਕੇ ਵੇਚਣ ਦੇ ਦੋਸ਼ ਹੇਠ ਬੀਤੇ ਦਿਨ ਇਕ ਦੁਕਾਨਦਾਰ ਦੇ ਖ਼ਿਲਾਫ਼ ਕੇਸ ਵੀ ਦਰਜ ਕੀਤਾ ਸੀ।
ਫਾਇਰ ਬ੍ਰਿਗੇਡ ਮੁਸਤੈਦ: ਫਾਇਰ ਵਿਭਾਗ ਵੱਲੋਂ ਸ਼ਹਿਰ ’ਚ ਤਿੰਨ ਥਾਵਾਂ ’ਤੇ ਫਾਇਰ ਬ੍ਰਿਗੇਡ ਦੀਆਂ ਗੰਡੀਆਂ ਖੜ੍ਹੀਆਂ ਕੀਤੀਆਂ ਜਾਣਗੀਆਂ। ਇਹ ਗੱਡੀਆਂ 12 ਨਵੰਬਰ ਸ਼ਾਮ 4 ਵਜੇ ਤੋਂ 16 ਨਵੰਬਰ ਸਵੇਰ ਤੱਕ ਆਪਣੀਆਂ ਨਿਰਧਾਰਤ ਥਾਵਾਂ ’ਤੇ ਤਾਇਨਾਤ ਰਹਿਣਗੀਆਂ। ਇਸ ਤੋਂ ਇਲਾਵਾ ਫਾਇਰ ਵਿਭਾਗ ਦੇ ਮੁਲਾਜ਼ਮ 7 ਬੁਲੇਟ ਮੋਟਰਸਾਈਕਲਾਂ ’ਤੇ ਸ਼ਹਿਰ ਵਿੱਚ ਗਸ਼ਤ ਕਰਨਗੇ। ਵੇਰਵਿਆਂ ਅਨੁਸਾਰ ਫਾਇਰ ਬ੍ਰਿਗੇਡ ਵੱਲੋਂ ਸੈਕਟਰ-19 ’ਚ ਸਦਰ ਬਾਜ਼ਾਰ ਅਤੇ ਉਸ ਦੇ ਆਲੇ-ਦੁਆਲੇ, ਸੈਕਟਰ-22 ’ਚ ਅਰੋਮਾ ਲਾਈਟ ਪੁਆਇੰਟ ਤੋਂ ਲੈ ਕੇ ਸ਼ਾਸਤਰੀ ਮਾਰਕੀਟ, ਹਾਊਸਿੰਗ ਬੋਰਡ, ਸੈਕਟਰ-15 ਪਟੇਲ ਮਾਰਕੀਟ, ਸੈਕਟਰ-53 ਫਰਨੀਚਰ ਮਾਰਕੀਟ ਅਤੇ ਭੀੜ ਵਾਲੇ ਹੋਰਨਾਂ ਬਾਜ਼ਾਰਾਂ ਵਿੱਚ ਫਾਇਰ ਮੁਲਾਜ਼ਮ ਤਾਇਨਾਤ ਰਹਿਣਗੇ ਅਤੇ ਗਸ਼ਤ ਕਰਨਗੇ।
ਪਰੀਦਾ ਨੇ ਸਟਾਲਾਂ ਬਾਰੇ ਸਪੱਸ਼ਟੀਕਰਨ ਦਿੱਤਾ
ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਅਨੁਸਾਰ ਯੂਟੀ ਪ੍ਰਸ਼ਾਸਨ ਵੱਲੋਂ 6 ਨਵੰਬਰ ਨੂੰ ਪਟਾਕੇ ਵੇਚਣ ਲਈ ਸਟਾਲ ਲਗਾਉਣ ਸਬੰਧੀ ਡਰਾਅ ਕੱਢੇ ਗਏ ਸਨ। ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਪਟਾਕਾ ਵਪਾਰੀਆਂ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਸਪਸ਼ਟ ਕਰ ਦਿੱਤਾ ਸੀ ਕਿ ਉਨ੍ਹਾਂ ਨੇ ਅਜੇ ਤੱਕ ਪਟਾਕਿਆਂ ਦੀ ਖਰੀਦ ਨਹੀਂ ਕੀਤੀ ਹੈ। ਸ੍ਰੀ ਪਰੀਦਾ ਨੇ ਕਿਹਾ ਕਿ 6 ਨਵੰਬਰ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਟਾਕੇ ਵੇਚਣ ਬਾਰੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਚਰਚਾ ਕਰਨ ਤੋਂ ਬਾਅਦ ਪਾਬੰਦੀ ਲਗਾਈ ਗਈ ਹੈ।