ਮਿਹਰ ਸਿੰਘ
ਕੁਰਾਲੀ, 10 ਮਈ
ਸਿਆਲਬਾ ਦੇ ਸਹਿਕਾਰੀ ਬੈਂਕ ਦੇ ਖਾਤਾਧਰਕਾਂ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਦੇ ਮਾਮਲੇ ਨੂੰ ਲੈ ਕੇ ਮਾਣਯੋਗ ਅਦਾਲਤ ਨੇ ਮੁਲਜ਼ਮ ਮੈਨੇਜਰ ਨੂੰ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉੱਧਰ, ਇਲਾਕੇ ਦੀ ਸਮਾਜ ਸੇਵੀ ਸੰਸਥਾ ‘ਲੋਕ ਹਿੱਤ ਮਿਸ਼ਨ’ ਬੀਕੇਯੂ ਪੀੜਤ ਖਾਤਾਧਾਰਕਾਂ ਦੇ ਹੱਕ ਵਿੱਚ ਡੱਟ ਗਈ ਹੈ। ਸਿਆਲਬਾ ਦੇ ਸਹਿਕਾਰੀ ਬੈਂਕ ਵਿੱਚ ਖਾਤਾਧਾਰਕਾਂ ਦੇ ਖਾਤਿਆਂ ਵਿੱਚੋਂ ਪੈਸੇ ਕਢਵਾ ਕੇ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਪੁਲੀਸ ਕਾਰਵਾਈ ਤੋਂ ਬਾਅਦ ਹੁਣ ਖਾਤਾਧਾਰਕਾਂ ਨੂੰ ਆਪਣੇ ਪੈਸਿਆਂ ਦੀ ਚਿੰਤਾ ਸਤਾ ਰਹੀ ਹੈ। ਠੱਗੀ ਦਾ ਸ਼ਿਕਾਰ ਹੋਏ ਜਗਦੀਸ਼ ਸਿੰਘ, ਮੇਜਰ ਸਿੰਘ, ਚਰਜਨਜੀਤ ਸਿੰਘ, ਚਰਨ ਸਿੰਘ ਅਤੇ ਹੋਰਨਾਂ ਨੇ ਦੱਸਿਆ ਕਿ ਭਾਵੇਂ ਕਿ ਮੈਨੇਜਰ ਖ਼ਿਲਾਫ਼ ਕੇਸ ਦਰਜ਼ ਕਰ ਲਿਆ ਗਿਆ ਹੈ ਪਰ ਬੈਂਕ ਉਨ੍ਹਾਂ ਨਾਲ ਇਸਨਾਫ਼ ਕਰ ਕੇ ਉਨ੍ਹਾਂ ਦੀ ਰਕਮ ਵਾਪਸ ਕਰੇਗਾ ਇਸ ਸਵਾਲ ਨੂੰ ਲੈ ਕੇ ਹੀ ਉਨ੍ਹਾਂ ਵਿੱਚ ਚਿੰਤਾ ਹੈ।
ਇਸ ਮਸਲੇ ਨੂੰ ਲੈ ਕੇ ਹੀ ਲੋਕ ਹਿੱਤ ਮਿਸ਼ਨ ਬੀਕੇਯੂ ਦੇ ਆਗੂਆਂ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸ਼ਾਂਟੂ, ਜਨਰਲ ਸਕੱਤਰ ਰਵਿੰਦਰ ਸਿੰਘ ਵਜੀਦਪੁਰ, ਜਗਦੀਸ਼ ਸਿੰਘ ਕਾਦੀ ਮਾਜਰਾ ਤੇ ਜੱਗੀ ਕਾਦੀਮਾਜਰਾ ਆਦਿ ਦੇ ਵਫ਼ਦ ਨੇ ਡੀਐੱਸਪੀ ਧਰਮਵੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਦਿਆਂ ਖਾਤਾਧਾਰਕਾਂ ਦੀ ਰਕਮ ਉਨ੍ਹਾਂ ਨੂੰ ਵਾਪਸ ਦਿਵਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਧੋਖਾਧੜੀ ਦਾ ਸ਼ਿਕਾਰ ਹੋਏ ਲੋਕਾਂ ਨੂੰ ਡਰ ਸਤਾ ਰਿਹਾ ਹੈ ਕਿ ਉਨ੍ਹਾਂ ਦੀ ਰਕਮ ਵਾਪਸ ਕਰਨ ਦੀ ਥਾਂ ਬੈਂਕ ਵੱਲੋਂ ਕਈ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਵਾਪਸ ਕਰਨੇ ਬੈਂਕ ਦੀ ਜ਼ਿੰਮੇਵਾਰੀ ਹੈ ਅਤੇ ਮਿਸ਼ਨ ਹਰ ਹਾਲਤ ਵਿੱਚ ਪੈਸੇ ਵਾਪਸ ਦਿਵਾ ਕੇ ਰਹੇਗਾ। ਉਨ੍ਹਾਂ ਖਾਤਾਧਾਰਕਾਂ ਨਾਲ ਧੱਕਾ ਹੋਣ ਦੀ ਸੂਰਤ ਵਿੱਚ ਸਹਿਕਾਰਤਾ ਵਿਭਾਗ ਖ਼ਿਲਾਫ਼ ਸੰਘਰਸ਼ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।
ਥਾਣਾ ਮਾਜਰੀ ਦੇ ਐੱਸਐੱਚਓ ਸੁਨੀਲ ਕੁਮਾਰ ਨੇ ਦੱਸਿਆ ਕਿ ਧੋਖਾਧੜੀ ਦੇ ਸ਼ਿਕਾਰ ਹੋਣ ਵਾਲੇ ਨਵੇਂ ਖਾਤਾਧਾਰਕਾਂ ਵਲੋਂ ਬੈਂਕ ਕੋਲ ਸ਼ਿਕਾਇਤਾਂ ਕਰਨ ਦਾ ਸਿਲਸਿਲਾ ਜਾਰੀ ਹੈ ਅਤੇ ਬੈਂਕ ਵੱਲੋਂ ਇਹ ਸ਼ਿਕਾਇਤਾਂ ਉਨ੍ਹਾਂ ਨੂੰ ਪਹੁੰਚਾਈਆਂ ਜਾ ਰਹੀਆਂ ਹਨ। ਥਾਣਾ ਮੁਖੀ ਅਨੁਸਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।