ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਗਸਤ
ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਾਸੀਆਂ ਨੂੰ ਕਰੋਨਾ ਵੈਕਸੀਨ ਲਗਾਉਣ ਲਈ ਸ਼ੁਰੂ ਕੀਤੀ ਗਈ ਬੱਸ ’ਤੇ ਕੁਝ ਸਿਆਸੀ ਪਾਰਟੀਆਂ ਆਪਣੇ ਬੈਨਰ ਲਾ ਕੇ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਜਿਸ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਸੈਕਟਰ-42 ਦੇ ਅਟਾਵਾ ਚੌਕ ਵਿੱਚ ਸਿਹਤ ਵਿਭਾਗ ਦੀ ਬੱਸ ਤੋਂ ਰਾਜਸੀ ਪਾਰਟੀਆਂ ਦੇ ਬੈਨਰ ਉਤਰਵਾਏ। ਚਾਵਲਾ ਨੇ ਦੱਸਿਆ ਕਿ ਬੱਸ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਬੈਨਰ ਲੱਗਿਆ ਹੋਇਆ। ਜਿਸ ਨੂੰ ਉਤਾਰਿਆ ਗਿਆ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਨੇ ਡਾਕਟਰਾਂ ਦੀ ਟੀਮ ਨੂੰ ਦੱਸਿਆ ਕਿ ਸਰਕਾਰੀ ਵਾਹਨਾਂ ’ਤੇ ਸਿਆਸੀ ਪਾਰਟੀਆਂ ਦੇ ਬੈਨਰ ਲਗਾਉਣਾ ਗਲਤ ਹੈ। ਉਨ੍ਹਾਂ ਕਿਹਾ ਕਿ ਕਰੋਨਾ ਕਾਰਨ ਲੱਖਾਂ ਲੋਕ ਬੇਰੁਜ਼ਗਾਰ ਹੋ ਗਏ। ਵੱਡੀ ਗਿਣਤੀ ਵਿੱਚ ਲੋਕਾਂ ਨੂੰ ਹਜ਼ਾਰਾਂ ਕਿੱਲੋਮੀਟਰ ਸਾਈਕਲ ਜਾਂ ਪੈਦਲ ਜਾਣ ਲਈ ਮਜਬੂਰ ਹੋਣਾ ਪਿਆ ਹੈ। ਉਸ ਵੇਲੇ ਸਿਆਸੀ ਪਾਰਟੀਆਂ ਦਿਖਾਈ ਨਹੀਂ ਦਿੱਤੀਆਂ।
ਰਾਵਤ ਵੱਲੋਂ ਛਾਬੜਾ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ
ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਰਜਕਾਰਨੀ ਮੈਂਬਰ ਪ੍ਰਦੀਪ ਛਾਬੜਾ ਨੇ ਪਿਛਲੇ ਦਿਨੀਂ ਕਾਂਗਰਸ ਪਾਰਟੀ ਵਿੱਚੋਂ ਅਸਤੀਫ਼ਾ ਦੇ ਦਿੱਤਾ ਸੀ। ਛਾਬੜਾ ਦੇ ਨਾਲ ਹੀ ਉਨ੍ਹਾਂ ਦੇ ਹਮਾਇਤੀ ਵੀ ਪਾਰਟੀ ਨੂੰ ਅਲਵਿਦਾ ਕਹਿ ਰਹੇ ਹਨ। ਇਸੇ ਦੌਰਾਨ ਚੰਡੀਗੜ੍ਹ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਨੇ ਪ੍ਰਦੀਪ ਛਾਬੜਾ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕੀਤੀ।