ਰਾਮਕ੍ਰਿਸ਼ਨ ਉਪਾਧਿਆਏ
ਚੰਡੀਗੜ੍ਹ, 2 ਜੂੁਨ
ਚੰਡੀਗੜ੍ਹ ਦੀ ਇੱਕ ਅਦਾਲਤ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਚੀਫ ਜੁਡੀਸ਼ਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਨੇ ਉਸ ਨੂੰ 2-2 ਲੱਖ ਰੁਪਏ ਦੀਆਂ ਦੋ ਜਾਮਨੀਆਂ ‘ਤੇ ਜ਼ਮਾਨਤ ਦਿੱਤੀ।
ਵਕੀਲ ਜਸਪਾਲ ਸਿੰਘ ਮੰਝਪੁਰ ਅਤੇ ਦਿਲਸ਼ੇਰ ਸਿੰਘ ਜੰਡਿਆਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਨਵਰੀ ਵਿੱਚ ਸੁਣਾਏ ਗਏ ਹੁਕਮਾਂ ਦੇ ਆਧਾਰ ‘ਤੇ ਜ਼ਮਾਨਤ ਦੀ ਅਰਜ਼ੀ ਦਾਖਲ ਕੀਤੀ ਸੀ। ਹਾਈ ਕੋਰਟ ਨੇ ਹੁਕਮ ਸੁਣਾਇਆ ਸੀ ਕਿ ਜਿਨ੍ਹਾਂ ਦੋਸ਼ੀਆਂ ਦੀ ਉਮਰ ਕੈਦ ਪੂਰੀ ਹੋ ਗਈ ਹੈ ਅਤੇ ਉਨ੍ਹਾਂ ਦੀ ਪੱਕੀ ਰਿਹਾਈ ਬਾਰੇ ਫ਼ੈਸਲੇ ਪੈਂਡਿੰਗ ਹਨ, ਉਨ੍ਹਾਂ ਸਾਰਿਆਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਜਾਵੇ।
ਇਸ ਤੋਂ ਪਹਿਲਾਂ ਇੱਕ ਹੋਰ ਦੋਸ਼ੀ ਲਖਵਿੰਦਰ ਸਿੰਘ ਉਰਫ ਲੱਖਾ ਨੂੰ ਮਈ ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਗੁਰਮੀਤ ਸਿੰਘ 27 ਸਾਲਾਂ ਤੋਂ ਜੇਲ੍ਹ ਵਿੱਚ ਹੈ। ਬੁੜੈਲ ਜੇਲ੍ਹ ਵਿੱਚ ਬੰਦ ਗੁਰਮੀਤ ਸਿੰਘ ਨੇ ਇਸ ਆਧਾਰ ‘ਤੇ ਰਿਹਾਈ ਦੀ ਮੰਗ ਕੀਤੀ ਸੀ ਕਿ ਉਹ ਪਹਿਲਾਂ ਹੀ 27 ਸਾਲ ਜੇਲ੍ਹ ਕੱਟ ਚੁੱਕਾ ਹੈ। ਉਸ ਨੇ ਕਿਹਾ ਕਿ 14 ਸਾਲ ਸਜ਼ਾ ਪੂਰੀ ਕਰਨ ਮਗਰੋਂ ਰਿਹਾਅ ਕੀਤੇ ਗਏ ਉਮਰ ਕੈਦ ਦੀ ਸਜ਼ਾਯਾਫ਼ਤਾ ਦੋਸ਼ੀਆਂ ਦੇ ਮੁਕਾਬਲੇ ਉਸ ਨਾਲ ਪੱਖਪਾਤ ਨਹੀਂ ਕੀਤਾ ਜਾਣਾ ਚਾਹੀਦਾ।