Bhagwant Mann: ਵਿਰੋਧੀ ਸੱਤਾ ਲਈ ਲੜ ਰਹੇ ਨੇ, ਅਸੀਂ ਲੋਕਾਂ ਲਈ: ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਚੌਕਸ ਕੀਤਾ ਹੈ ਕਿ ਵਿਰੋਧੀ ਪਾਰਟੀਆਂ ਨੂੰ ਗ਼ਲਤੀ ਨਾਲ ਵੀ ਵੋਟ ਪਾਉਣ ’ਤੇ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ-ਪੱਖੀ ਯੋਜਨਾਵਾਂ ਬੰਦ ਹੋ ਜਾਣਗੀਆਂ। ਉਹ ਅੱਜ ਖਰੜ ਹਲਕੇ ਦੇ ਪਿੰਡ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਚੌਕਸ ਕੀਤਾ ਹੈ ਕਿ ਵਿਰੋਧੀ ਪਾਰਟੀਆਂ ਨੂੰ ਗ਼ਲਤੀ ਨਾਲ ਵੀ ਵੋਟ ਪਾਉਣ ’ਤੇ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ-ਪੱਖੀ ਯੋਜਨਾਵਾਂ ਬੰਦ ਹੋ ਜਾਣਗੀਆਂ। ਉਹ ਅੱਜ ਖਰੜ ਹਲਕੇ ਦੇ ਪਿੰਡ ਤੀੜਾ ਵਿੱਚ ਲੋਕ ਮਿਲਣੀ ਨੂੰ ਸੰਬੋਧਨ ਕਰ ਰਹੇ ਸਨ।
ਕਾਂਗਰਸ ਅਤੇ ਅਕਾਲੀ ਦਲ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਵਿਰੋਧੀ ਪਾਰਟੀਆਂ ਨੇ ਪੰਜਾਬ ਨੂੰ ਸਿਉਂਕ ਵਾਂਗ ਖੋਖਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ ਵਾਰ ਫਿਰ ਸੂਬੇ ਨੂੰ ਲੁੱਟਣ ਲਈ ਭਾਜਪਾ ਨਾਲ ਹੱਥ ਮਿਲਾਉਣ ਲਈ ਉਤਸੁਕ ਹੈ। ਵਿਰੋਧੀ ਧਿਰ ਰਾਜਨੀਤਿਕ ਸੱਤਾ ਲਈ ਲੜ ਰਹੀ ਹੈ ਜਦੋਂਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੰਭਾਲ, ਸੜਕਾਂ, ਬਿਜਲੀ ਅਤੇ ਪਾਣੀ ਪ੍ਰਦਾਨ ਕਰਨ ’ਤੇ ਕੇਂਦ੍ਰਿਤ ਹੈ।
ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਬਹੁਤ ਸਾਰੇ ਪਾਪ ਕੀਤੇ ਹਨ। ਲੋਕ ਇਸ ਵਾਰ ਉਨ੍ਹਾਂ ਦੇ ਰਾਜਨੀਤਿਕ ਵਜੂਦ ਨੂੰ ਖ਼ਤਮ ਕਰ ਦੇਣਗੇ। ਸ੍ਰੀ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਤੋਂ ਹਨ।
ਉਨ੍ਹਾਂ ਕਿਹਾ ਕਿ ਅਕਾਲੀ ਆਗੂ ਸੂਬੇ ਨੂੰ ਲੁੱਟਣ ਲਈ ਭਾਜਪਾ ਨਾਲ ਹੱਥ ਮਿਲਾਉਣ ਦੀ ਭੀਖ ਮੰਗ ਰਹੇ ਹਨ ਪਰ ਪੰਜਾਬ ਦੇ ਲੋਕ ਇੱਕ ਵਾਰ ਫਿਰ ਉਨ੍ਹਾਂ ਨੂੰ ਰੱਦ ਕਰ ਦੇਣਗੇ। ਸੂਬੇ ਵਿੱਚ ਆਪਣੀ ਵਾਰ-ਵਾਰ ਹਾਰ ਕਾਰਨ ਅਕਾਲੀ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਆਗੂ ਰਾਹੁਲ ਦੇ ਕੋਟੇ ਤੋਂ ਹਨ, ਕੁਝ ਮੋਦੀ ਦੇ ਅਤੇ ਕੁਝ ਅਮਿਤ ਸ਼ਾਹ ਦੇ ਜਦੋਂਕਿ ਮੈਂ ਆਮ ਆਦਮੀ ਦੇ ਕੋਟੇ ਤੋਂ ਹਾਂ। ਕਾਂਗਰਸੀਆਂ ਬਾਰੇ ਉਨ੍ਹਾਂ ਕਿਹਾ ਇਨ੍ਹਾਂ ਮੌਕਾਪ੍ਰਸਤਾਂ ਦੇ ਮੁਕਾਬਲੇ, ਅਸੀਂ ਆਪਸ ਵਿੱਚ ਨਹੀਂ ਲੜਦੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਅਸਲ ਲੜਾਈ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਹੈ। ਸੂਬੇ ਦੀ ਲੜਾਈ ਮਿਆਰੀ ਸਿੱਖਿਆ, ਚੰਗੀ ਸਿਹਤ ਅਤੇ ਹੋਰ ਭਲਾਈ ਯੋਜਨਾਵਾਂ ਲਈ ਹੈ। ਕਾਂਗਰਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਵੀ ਮੌਜੂਦ ਸਨ।

