ਭਾਈ ਚਾਵਲਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੀ ਨਿਖੇਧੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਦਿੱਤੇ ਬਿਆਨ ਨੂੰ ਬੇਬੁਨਿਆਦ ਅਤੇ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦੀ ਨਿਖੇਧੀ ਕੀਤੀ ਹੈ। ਭਾਈ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਪਣੀ ਪੂਰੀ ਟੀਮ ਦੇ ਨਾਲ ਮੈਦਾਨ ਵਿੱਚ ਉਤਰੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਰਾਹਤ ਸਮੱਗਰੀ, ਚਾਰਾ ਅਤੇ ਨਗਦੀ ਸਹਾਇਤਾ ਪੀੜਤਾਂ ਤੱਕ ਪਹੁੰਚਾਈ ਜਾ ਰਹੀ ਹੈ। ਇਸ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਟਿੱਪਣੀਆਂ ਲੋਕਾਂ ਦੇ ਦੁੱਖਾਂ ਨਾਲ ਖਿਲਵਾੜ ਕਰਨ ਦੇ ਬਰਾਬਰ ਹਨ।
ਚਾਵਲਾ ਨੇ ਖਾਸ ਤੌਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਇਹ ਦੋਸ਼ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਬਾਣੀ ਵੇਚ ਕੇ ਪੈਸਾ ਇਕੱਠਾ ਕਰਦੇ ਹਨ, ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਉਲਟਾ ਇਲਜ਼ਾਮ ਲਗਾਇਆ ਕਿ ਅਸਲ ਵਿੱਚ ਤਾਂ ਗੁਰਬਾਣੀ ਦਾ ਵਿੱਤੀ ਲਾਭ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਚੁੱਕਿਆ ਹੈ। ਭਾਈ ਅਮਰਜੀਤ ਸਿੰਘ ਚਾਵਲਾ ਨੇ ਮੰਗ ਕੀਤੀ ਕਿ ਗਿਆਨੀ ਹਰਪ੍ਰੀਤ ਸਿੰਘ ਆਪਣੇ ਗਲਤ ਅਤੇ ਬੇਬੁਨਿਆਦ ਬਿਆਨ ਲਈ ਸੰਗਤ ਤੋਂ ਜਨਤਕ ਮੁਆਫ਼ੀ ਮੰਗਣ। ਚਾਵਲਾ ਨੇ ਕਿਹਾ, ‘ਜੋ ਵਿਅਕਤੀ ਖੁਦ ਗੁਰਬਾਣੀ ਦੇ ਨਾਮ ’ਤੇ ਦੇਸ਼ਾਂ-ਵਿਦੇਸ਼ਾਂ ਵਿੱਚ ਸੰਗਤਾਂ ਤੋਂ ਪੈਸੇ ਇਕੱਠੇ ਕਰਦਾ ਰਿਹਾ ਹੋਵੇ, ਉਸਨੂੰ ਦੂਜਿਆਂ ’ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਆਪਣੇ ਅੰਦਰ ਵਿੱਚ ਝਾਕਣਾ ਚਾਹੀਦਾ ਹੈ।’