ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 29 ਮਈ
ਭਾਰਤਮਾਲਾ ਪ੍ਰਾਜੈਕਟ ਤਹਿਤ ਆਈਟੀ ਸਿਟੀ ਮੁਹਾਲੀ ਤੋਂ ਕੁਰਾਲੀ ਤੱਕ ਅਤੇ ਡੇਰਾਬੱਸੀ ਖੇਤਰ ਵਿੱਚ ਬਣਾਏ ਜਾਣ ਵਾਲੇ ਦੋ ਕੌਮੀ ਮਾਰਗਾਂ ਲਈ ਘੱਟ ਕੀਮਤ ’ਤੇ ਜ਼ਮੀਨਾਂ ਐਕੁਵਾਇਰ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਲਾਕੇ ਦੇ ਕਿਸਾਨ ਪਿਛਲੇ 12 ਦਿਨਾਂ ਤੋਂ ਡੀਸੀ ਦਫ਼ਤਰ ਦੇ ਬਾਹਰ ਦਿਨ ਰਾਤ ਲੜੀਵਾਰ ਧਰਨੇ ’ਤੇ ਬੈਠੇ ਹਨ। ਕਿਸਾਨ ਆਗੂਆਂ ਰਣਵੀਰ ਸਿੰਘ ਗਰੇਵਾਲ, ਨਛੱਤਰ ਸਿੰਘ ਬੈਦਵਾਨ, ਜਸਪਾਲ ਸਿੰਘ ਨਿਆਮੀਆਂ, ਪਰਮਦੀਪ ਸਿੰਘ ਬੈਦਵਾਨ, ਲਖਵਿੰਦਰ ਸਿੰਘ ਕਰਾਲਾ ਨੇ ਦੋਸ਼ ਲਾਇਆ ਕਿ ਹੁਣ ਤੱਕ ਹੁਕਮਰਾਨ ਪਾਰਟੀ ਦੇ ਆਗੂਆਂ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਸਰਕਾਰ ਦੀ ਕਥਿਤ ਧੱਕੇਸ਼ਾਹੀ ਵਿਰੁੱਧ ਕਿਸਾਨ 30 ਮਈ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਦਫ਼ਤਰ) ਦੇ ਸਾਰੇ ਗੇਟਾਂ ਦੀ ਤਾਲਾਬੰਦੀ ਕਰਨ ਲਈ ਬਜਿੱਦ ਹਨ। ਉਧਰ, ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਆਗੂਆਂ ਸਮੇਤ ਕਿਸਾਨ ਬੀਬੀਆਂ ਦੇ ਵੀ ਧਰਨੇ ਵਿੱਚ ਪਹੁੰਚਣ ਦੀ ਉਮੀਦ ਹੈ। ਮੌਕੇ ’ਤੇ ਹੀ ਅਗਲੇ ਐਕਸ਼ਨ ਦੀ ਰੂਪਰੇਖਾ ਉਲੀਕੀ ਜਾਵੇਗੀ।
ਕਿਸਾਨਾਂ ਨੇ ਦੱਸਿਆ ਕਿ ਡੀਸੀ ਦਫ਼ਤਰ ਦੀ ਤਾਲਾਬੰਦੀ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨਾਂ ਦੇ ਵੱਡੇ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਵੀ ਦਿੱਤਾ ਹੈ ਪਰ ਇਹ ਗੱਲ ਕਿਸੇ ਕੰਢੇ ਨਹੀਂ ਲੱਗੀ ਅਤੇ ਇਲਾਕੇ ਦੇ ਕਿਸਾਨ ਪਹਿਲਾਂ ਉਲੀਕੇ ਪ੍ਰੋਗਰਾਮ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟਾਂ ਨੂੰ ਤਾਲੇ ਲਗਾ ਕੇ ਧਰਨਾ ਦੇਣ ਦੀ ਜ਼ਿੱਦ ’ਤੇ ਅੜੇ ਹੋਏ ਹਨ। ਇਸ ਸਬੰਧੀ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਦੀ 30 ਮਈ ਦੇ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਲਾਮਬੰਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਆਪੋ ਆਪਣੇ ਪਿੰਡਾਂ ’ਚੋਂ ਟਰੈਕਟਰ-ਟਰਾਲੀਆਂ ਅਤੇ ਰਾਸ਼ਨ-ਪਾਣੀ ਲੈ ਕੇ ਵੱਡੇ ਕਾਫ਼ਲਿਆਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਜਸਵੰਤ ਸਿੰਘ ਮਾਣਕਮਾਜਰਾ, ਜਸਪਾਲ ਸਿੰਘ ਲਾਂਡਰਾਂ, ਕਰਮ ਸਿੰਘ ਕਾਰਕਰੋ, ਬੇਅੰਤ ਸਿੰਘ ਢੇਲਪੁਰ, ਜਸਵੀਰ ਸਿੰਘ ਗਰੇਵਾਲ, ਜਰਨੈਲ ਸਿੰਘ ਗੁਡਾਣਾ, ਜਸਵਿੰਦਰ ਸਿੰਘ ਢੇਲਪੁਰ, ਪਰਮਵੀਰ ਸਿੰਘ ਫਤਹਿਗੜ੍ਹ ਸਾਹਿਬ, ਮੇਜਰ ਸਿੰਘ ਅਤੇ ਬਲਜੀਤ ਸਿੰਘ ਖਾਲਸਾ ਹਾਜ਼ਰ ਸਨ।
ਕਿਸਾਨਾਂ ਦੇ ਸਬਰ ਦੀ ਪ੍ਰੀਖਿਆ ਨਾ ਲੈਣ ਦੀ ਚਿਤਾਵਨੀ
ਕਿਸਾਨ ਆਗੂ ਰਣਵੀਰ ਸਿੰਘ ਗਰੇਵਾਲ, ਰਾਣਾ ਕਰਮਜੀਤ ਸਿੰਘ ਝੰਜੇੜੀ, ਗੁਰਮੁੱਖ ਸਿੰਘ ਨਿਊ ਲਾਂਡਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਈ ਜਾਵੇ ਨਹੀਂ ਤਾਂ ਇੱਥੇ ਵੀ ਦਿੱਲੀ ਬਾਰਡਰ ਵਰਗੇ ਹਾਲਾਤ ਬਣਨ ਨੂੰ ਦੇਰ ਨਹੀਂ ਲੱਗੇਗੀ। ਉਨ੍ਹਾਂ ਕਿਹਾ ਕਿ ਧਰਨਾ ਪ੍ਰਦਰਸ਼ਨ ਦੌਰਾਨ ਪੈਦਾ ਹੋਣ ਵਾਲੇ ਹਾਲਾਤਾਂ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਕਿਸਾਨਾਂ ਨੇ ਰੈਵੀਨਿਊ ਅਫ਼ਸਰ ਦੀ ਤੁਰੰਤ ਬਦਲੀ ਕਰਨ ਦੀ ਵੀ ਮੰਗ ਕੀਤੀ।