ਭਾਰਤਮਾਲਾ ਪ੍ਰਾਜੈਕਟ: ਕੌਮੀ ਮਾਰਗ ਦੇ ਸਾਈਨ ਬੋਰਡਾਂ ’ਤੇ ਪੰਜਾਬੀ ਗਾਇਬ
ਭਾਰਤਮਾਲਾ ਪ੍ਰਾਜੈਕਟ ਤਹਿਤ ਮੁਹਾਲੀ ਦੇ ਆਈਟੀ ਸਿਟੀ ਦੈੜੀ ਚੌਕ ਤੋਂ ਲੈ ਕੇ ਕੁਰਾਲੀ ਤੱਕ ਨਵੇਂ ਬਣੇ ਕੌਮੀ ਮਾਰਗ ਉੱਤੇ ਲਗਾਏ ਗਏ ਸਾਈਨ ਬੋਰਡਾਂ ਵਿਚ ਪੰਜਾਬੀ ਭਾਸ਼ਾ ਗਾਇਬ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਇਸ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਅਜਿਹਾ ਨਾ ਹੋਣ ਦੀ ਸੂਰਤ ਵਿਚ ਉਨ੍ਹਾਂ ਅਗਲਾ ਪ੍ਰੋਗਰਾਮ ਉਲੀਕਣ ਦੀ ਚਿਤਾਵਨੀ ਵੀ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਯੂਨੀਅਨ ਨੇ ਆਖਿਆ ਕਿ ਅੰਗਰੇਜ਼ੀ ਅਤੇ ਹਿੰਦੀ ਵਿਚ ਸਾਈਨ ਬੋਰਡ ਲਿਖੇ ਜਾਣੇ ਪੰਜਾਬ ਦੀ ਧਰਤੀ ਉੱਤੇ ਮਾਂ ਬੋਲੀ ਪੰਜਾਬੀ ਨਾਲ ਵਿਤਕਰਾ ਹੈ, ਜਿਹੜਾ ਕਿ ਕਿਸੇ ਵੀ ਕੀਮਤ ਉੱਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਭਾਸ਼ਾ ਰਾਜ ਐਕਟ ਦੀ ਵੀ ਅਣਦੇਖੀ ਹੈ। ਉਨ੍ਹਾਂ ਕਿਹਾ ਕਿ ਸਾਈਨ ਬੋਰਡਾਂ ਉੱਤੇ ਸਭ ਤੋਂ ਉੱਪਰ ਪੰਜਾਬੀ ਲਿਖੀ ਜਾਣੀ ਚਾਹੀਦੀ ਹੈ ਤੇ ਉਸ ਦੇ ਹੇਠ ਜਿਹੜੀ ਮਰਜ਼ੀ ਭਾਸ਼ਾ ਲਿਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੌਮੀ ਮਾਰਗ ਅਥਾਰਿਟੀ ਵੱਲੋਂ ਅਜਿਹਾ ਕੀਤਾ ਜਾਣਾ ਪੰਜਾਬੀ ਵਿਰੁੱਧ ਸਾਜ਼ਿਸ਼ ਹੈ, ਜਿਸ ਦਾ ਭਾਸ਼ਾ ਵਿਭਾਗ ਨੂੰ ਵੀ ਨੋਟਿਸ ਲੈਣਾ ਚਾਹੀਦਾ ਹੈ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਇਹ ਸਾਈਨ ਬੋਰਡ ਠੀਕ ਕਰਾਏ ਜਾਣ ਅਤੇ ਇਨ੍ਹਾਂ ਵਿਚ ਸਾਰਿਆਂ ਤੋਂ ਉੱਪਰ ਪੰਜਾਬੀ ਭਾਸ਼ਾ ਨੂੰ ਲਿਖਿਆ ਜਾਣਾ ਯਕੀਨੀ ਬਣਾਇਆ ਜਾਵੇ। ਅਧਿਕਾਰੀਆਂ ਵੱਲੋਂ ਇਸ ਸਬੰਧੀ ਕਾਰਵਾਈ ਦਾ ਭਰੋਸਾ ਦਿਵਾਇਆ ਗਿਆ। ਵਫ਼ਦ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ, ਨਛੱਤਰ ਸਿੰਘ ਬੈਦਵਾਣ, ਜਸਪਾਲ ਸਿੰਘ ਨਿਆਮੀਆਂ, ਦਰਸ਼ਨ ਸਿੰਘ ਦੁਰਾਲੀ, ਗੁਰਮੀਤ ਸਿੰਘ ਖੂਨੀਮਾਜਰਾ, ਰਣਬੀਰ ਸਿੰਘ ਗਰੇਵਾਲ, ਜਸਪਾਲ ਸਿੰਘ ਲਾਂਡਰਾਂ, ਕੁਲਵੰਤ ਸਿੰਘ ਚਿੱਲਾ, ਜਸਵੰਤ ਸਿੰਘ ਪੂਨੀਆ ਮਾਣਕਮਾਜਰਾ ਆਦਿ ਸ਼ਾਮਿਲ ਸਨ।