ਭੁੱਲਰ ਰਿਸ਼ਵਤ ਕਾਂਡ: ਭਲਕੇ 28 ਅਕਤੂਬਰ ਨੂੰ ਹੋਵੇਗੀ ਸੁਣਵਾਈ
ਸੀਬੀਆਈ ਨੇ ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਵਿਚੋਲੀਆ ਕ੍ਰਿਸ਼ਨੂੰ ਤੋਂ ਪੁੱਛਗਿਛ ਲਈ 12 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਦੂਜੇ ਪਾਸੇ ਅਦਾਲਤ ਨੇ ਇਸ ਮਾਮਲੇ ’ਤੇ ਸੁਣਵਾਈ 28 ਅਕਤੂਬਰ ’ਤੇ ਪਾ ਦਿੱਤੀ ਹੈ। ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਕ੍ਰਿਸ਼ਨੂੰ ਦੀ ਕਈ ਹੋਰਨਾਂ ਸੀਨੀਅਰ ਅਧਿਕਾਰੀਆਂ ਨਾਲ ਵੀ ਸਾਂਝ ਸੀ, ਜਿਸ ਕਰਕੇ ਸੀਬੀਆਈ ਵੱਲੋਂ ਕ੍ਰਿਸ਼ਨੂੰ ਤੋਂ ਹੋਰਨਾਂ ਅਧਿਕਾਰੀਆਂ ਬਾਰੇ ਵੀ ਪੁੱਛਗਿਛ ਕੀਤੀ ਜਾਣੀ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਨੇ 16 ਅਕਤੂਬਰ ਨੂੰ ਕਬਾੜੀਏ ਤੋਂ 8 ਲੱਖ ਰੁਪਏ ਲੈਂਦਿਆਂ ਇਕ ਨੌਜਵਾਨ ਨੂੂੰ ਕਾਬੂ ਕੀਤਾ ਸੀ, ਜਿਸ ਵੱਲੋਂ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁਲੱਰ ਦੇ ਨਾਮ ’ਤੇ ਰੁਪਏ ਲਏ ਗਏ ਸਨ। ਇਸ ਤੋਂ ਬਾਅਦ ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਨੂੰ ਵੀ ਉਕਤ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ। ਸੀਬੀਆਈ ਦੀ ਟੀਮ ਨੇ ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਵੱਖ-ਵੱਖ ਟਿਕਾਣਿਆਂ ਤੋਂ 7.5 ਕਰੋੜ ਰੁਪਏ ਦੀ ਨਕਦੀ ਅਤੇ 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ ਜ਼ਬਤ ਕੀਤੇ ਸਨ।
