ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ
ਪੰਜਾਬ ਸਰਕਾਰ ਨੇ 2 ਕਿੱਲੋਵਾਟ ਬਿਜਲੀ ਲੋਡ ਤੱਕ ਵਾਲੇ ਸਾਰੇ ਖਪਤਕਾਰਾਂ ਦੇ ਬਿਕਾਏ ਮੁਆਫ਼ ਕਰਨ ਦਾ ਫ਼ੈਸਲਾ ਲਾਗੂ ਕਰ ਦਿੱਤਾ ਹੈ। ਇਸ ਦੇ ਨਾਲ-ਨਾਲ ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੇਂਡੂ ਜਲ ਸਪਲਾਈ ਸਕੀਮਾਂ ਲਈ 1 ਅਕਤੂਬਰ 2021 ਤੋਂ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਵੀ ਕੀਤਾ ਹੈ। ਇਹ ਜਾਣਕਾਰੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਨੇ ਸਹਿਕਾਰੀ ਸਭਾ ਖਰੇ ਦੇ 124 ਮੈਂਬਰਾਂ ਤੇ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰਜ਼ਾ ਰਹਿਤ ਤਹਿਤ ਕਰੀਬ 9.80 ਲੱਖ ਰੁਪਏ ਦੇ ਚੈੱਕ ਸੌਂਪਣ ਉਪਰੰਤ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਾਰੀਆਂ ਪੇਂਡੂ ਜਲ ਸਕੀਮਾਂ ਦੀਆਂ ਸੇਵਾ ਦਰਾਂ ਵਿਚ 70 ਫ਼ੀਸਦੀ ਕਟੌਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਨਾਲ ਪਿੰਡਾਂ ਵਿਚ ਹਰੇਕ ਘਰ ਲਈ ਇਹ ਦਰ ਪ੍ਰਤੀ ਮਹੀਨਾ 166 ਰੁਪਏ ਤੋਂ ਘਟਾ ਕੇ 50 ਰੁਪਏ ਹੋ ਗਈ ਹੈ।