ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਬਿੱਟੂ
ਕੇਂਦਰੀ ਰੇਲ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਸਿਆਸੀ ਹਲਕਿਆਂ ਵਿਚ ਇਸ ਨੂੰ ਇੱਕ ਮਹੱਤਵਪੂਰਨ ਰਾਜਨੀਤਕ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਇਸ ਪੇਸ਼ਕਦਮੀ ਨੂੰ ਭਾਜਪਾ ਵਿੱਚ ਬਿੱਟੂ ਦੀ ਚੜ੍ਹਦੀ ਗੁੱਡੀ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਸੰਭਾਵੀ ਤੌਰ ’ਤੇ ਇਹ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਕੱਦ ਨੂੰ ਵੀ ਪਾਰ ਕਰ ਸਕਦਾ ਹੈ।
ਭਾਜਪਾ ਦੇ ਅੰਦਰੂਨੀ ਸੂਤਰਾਂ ਦਾ ਕਹਿਣਾ ਹੈ ਕਿ ਬਿੱਟੂ ਅੱਜ ਸ਼ਾਮ ਨੂੰ ਗੁਰਦਾਸਪੁਰ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਤਜਵੀਜ਼ਤ ਅਹਿਮ ਮੀਟਿੰਗ ਦਾ ਹਿੱਸਾ ਹੋਣਗੇ ਜਿੱਥੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਤਾਲਮੇਲ ਵਾਲੇ ਰਾਹਤ ਕਾਰਜਾਂ ’ਤੇ ਚਰਚਾ ਕੀਤੀ ਜਾਵੇਗੀ। ਉਪ ਰਾਸ਼ਟਰਪਤੀ ਚੋਣ ਵਿੱਚ ਵੋਟ ਪਾਉਣ ਤੋਂ ਫੌਰੀ ਮਗਰੋਂ ਪ੍ਰਧਾਨ ਮੰਤਰੀ ਅਤੇ ਬਿੱਟੂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਵਾਨਾ ਹੋਣ ਦੀ ਉਮੀਦ ਹੈ।
ਇਸ ਫੇਰੀ ਨੂੰ ਸਿਆਸੀ ਤੌਰ ’ਤੇ ਮਹੱਤਵਪੂਰਨ ਬਣਾਉਣ ਵਾਲੀ ਗੱਲ ਇਹ ਹੈ ਕਿ ਬਿੱਟੂ, ਪ੍ਰਧਾਨ ਮੰਤਰੀ ਨਾਲ ਆਉਣ ਵਾਲੇ ਪੰਜਾਬ ਦੇ ਇਕਲੌਤੇ ਭਾਜਪਾ ਮੰਤਰੀ ਹੋਣਗੇ, ਜੋ ਕਿ ਰਵਾਇਤੀ ਤੌਰ ’ਤੇ ਰਾਜ ਪ੍ਰਧਾਨਾਂ ਜਾਂ ਉੱਚ ਪੱਧਰੀ ਨੇਤਾਵਾਂ ਲਈ ਰਾਖਵੀਂ ਭੂਮਿਕਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸ਼ਮੂਲੀਅਤ, ਪੰਜਾਬ ਵਿੱਚ ਇੱਕ ਪ੍ਰਮੁੱਖ ਸਿੱਖ ਚਿਹਰੇ ਵਜੋਂ ਭਾਜਪਾ ਦੇ ਵਿਸ਼ਵਾਸ ਨੂੰ ਉਜਾਗਰ ਕਰਦੀ ਹੈ, ਇੱਕ ਅਜਿਹਾ ਰਾਜ ਜਿੱਥੇ ਪਾਰਟੀ ਆਪਣੀ ਮੌਜੂਦਗੀ ਵਧਾਉਣ ਲਈ ਪੱਬਾਂ ਭਾਰ ਹੈ।
ਇਸ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਫੇਰੀ ਮੌਕੇ ਵੀ ਬਿੱਟੂ ਉਥੇ ਮੌਜੂਦ ਸਨ। ਇਸ ਫੇਰੀ ਦੀਆਂ ਤਸਵੀਰਾਂ ਵਿਚ ਚੌਹਾਨ ਨੂੰ ਟਰੈਕਟਰ ’ਤੇ ਸਵਾਰ ਦਿਖਾਇਆ ਗਿਆ ਸੀ, ਜਿਸ ਵਿੱਚ ਜਾਖੜ ਅਤੇ ਬਿੱਟੂ ਦੋਵੇਂ ਵਾਰੀ-ਵਾਰੀ ਟਰੈਕਟਰ ਚਲਾ ਰਹੇ ਸਨ। ਇਸ ਪੇਸ਼ਕਦਮੀ ਨੂੰ ਰਾਜ ਦੇ ਪ੍ਰਭਾਵਸ਼ਾਲੀ ਕਿਸਾਨ ਭਾਈਚਾਰੇ ਤੱਕ ਪਹੁੰਚ ਵਜੋਂ ਦੇਖਿਆ ਜਾ ਰਿਹਾ ਹੈ। ਸਿਆਸੀ ਸਮੀਖਿਅਕਾਂ ਦਾ ਮੰਨਣਾ ਹੈ ਕਿ ਬਿੱਟੂ ਪੰਜਾਬ ਵਿੱਚ ਭਾਜਪਾ ਦੇ ਜਾਣੇ-ਪਛਾਣੇ ਚਿਹਰੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ।
ਹੜ੍ਹ ਦੇ ਝੰਬੇ ਲੋਕਾਂ ਦੇ ਮੋਢੇ ਨਾ ਮੋਢਾ ਜੋੜ ਕੇ ਖੜ੍ਹੀ ਹੈ ਸਰਕਾਰ: ਮੋਦੀ
ਅੰਮ੍ਰਿਤਸਰ(ਜਗਤਾਰ ਸਿੰਘ ਲਾਂਬਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਖੁਲਾਸਾ ਕੀਤਾ ਹੈ ਕਿ ਉਹ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਆ ਰਹੇ ਹਨ। ਇਸ ਦੌਰਾਨ ਉਹ ਪੰਜਾਬ ਵਿੱਚ ਆਏ ਹੜ੍ਹਾਂ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਈ ਤ੍ਰਾਸਦੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ। ਪ੍ਰਧਾਨ ਮੰਤਰੀ ਦੀ ਗੁਰਦਾਸਪੁਰ ਦੀ ਫੇਰੀ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਵਿੱਚ ਭਿਆਨਕ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 51 ਹੋ ਗਈ ਹੈ ਜਦੋਂ ਕਿ 1.84 ਲੱਖ ਹੈਕਟੇਅਰ ਰਕਬੇ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।
ਪ੍ਰਧਾਨ ਮੰਤਰੀ ਨੇ ਹਿਮਾਚਲ ਤੇ ਪੰਜਾਬ ਲਈ ਰਵਾਨਾ ਹੋਣ ਮੌਕੇ ਐਕਸ ’ਤੇ ਇਕ ਪੋਸਟ ਵਿਚ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਪ੍ਰਭਾਵਿਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ, ਜੋ ਇਸ ਵੇਲੇ ਸੰਕਟ ਦੀ ਘੜੀ ਵਿੱਚ ਹਨ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਅੱਜ ਪਹਿਲੀ ਵਾਰ ਖੁਲਾਸਾ ਕੀਤਾ ਹੈ ਕਿ ਉਹ ਪੰਜਾਬ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਆ ਰਹੇ ਹਨ। ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਇਸ ਖੁਲਾਸੇ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਵੀ ਐਕਸ ਰਾਹੀਂ ਸਮਰਥਨ ਕੀਤਾ ਗਿਆ। ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਦੇ ਮੰਤਰੀਆਂ, ਵਿਰੋਧੀ ਧਿਰਾਂ, ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਵੱਲੋਂ ਵੀ ਪੰਜਾਬ ਨੂੰ ਤਸੱਲੀਬਖਸ਼ ਰਾਹਤ ਪੈਕੇਜ ਦੇਣ ਦਾ ਮੰਗ ਕੀਤੀ ਜਾ ਰਹੀ ਹੈ।