ਆਤਿਸ਼ ਗੁਪਤਾ
ਚੰਡੀਗੜ੍ਹ, 8 ਦਸੰਬਰ
ਭਾਜਪਾ ਨੇ ਗੁਜਰਾਤ ਅਤੇ ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਹਾਸਿਲ ਕਰਨ ‘ਤੇ ਜਿੱਤ ਦਾ ਜਸ਼ਨ ਮਨਾਇਆ। ਪਾਰਟੀ ਦਫ਼ਤਰਾਂ ਮੂਹਰੇ ਵਰਕਰਾਂ ਨੂੰ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਦੀ ਅਗਵਾਈ ਹੇਠ ਸੈਂਕੜੇ ਕਾਂਗਰਸੀ ਵਰਕਰਾਂ ਨੇ ਸੈਕਟਰ-35 ਵਿੱਚ ਸਥਿਤ ਕਾਂਗਰਸ ਭਵਨ ਵਿੱਚ ਜਿੱਤ ਦਾ ਜਸ਼ਨ ਮਨਾਇਆ। ਇਸ ਮੌਕੇ ਕਾਂਗਰਸ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਿਮਾਚਲ ਪ੍ਰਦੇਸ਼ ਤੋਂ ਪੂਰੇ ਦੇਸ਼ ਵਿੱਚ ਜਿੱਤ ਦਾ ਰਾਹ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਾਂਦੇ ਹਨ, ਇਹ ਅੱਜ ਹਿਮਾਚਲ ਪ੍ਰਦੇਸ਼ ਚੋਣਾਂ ਨੇ ਸਪੱਸ਼ਟ ਕਰ ਦਿੱਤਾ ਹੈ।
ਭਾਜਪਾ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਸ੍ਰੀ ਸੂਦ ਨੇ ਕਿਹਾ ਕਿ ਭਾਜਪਾ ਨੇ ਗੁਜਰਾਤ ‘ਚ ਇਤਿਹਾਸਕ ਜਿੱਤ ਹਾਸਿਲ ਕੀਤੀ ਹੈ ਜਦੋਂ ਕਿ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਭਾਜਪਾ ਦੀਆਂ ਵੋਟਾਂ ਪਹਿਲਾਂ ਦੇ ਮੁਕਾਬਲੇ ਵਧੀਆ ਹਨ।
ਉਨ੍ਹਾਂ ਕਿਹਾ ਕਿ ਗੁਜਰਾਤ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੀਆਂ ਰਾਹਾਂ ‘ਤੇ ਹੈ।