ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 5 ਫਰਵਰੀ
ਮੁਹਾਲੀ ਤੋਂ ਭਾਜਪਾ ਦੇ ਉਮੀਦਵਾਰ ਸੰਜੀਵ ਵਸ਼ਿਸ਼ਟ ਨੇ ਚੋਣ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਬੜਮਾਜਰਾ ਦਾ ਦੌਰਾ ਕੀਤਾ। ਉੱਥੇ ਗੰਦਗੀ ਅਤੇ ਕੱਚੇ ਰਸਤੇ ਦੇਖ ਕੇ ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਪਿਛਲੇ 5 ਸਾਲਾਂ ਵਿੱਚ ਵਿਕਾਸ ਕੀਤਾ ਹੁੰਦਾ ਤਾਂ ਲੋਕਾਂ ਨੂੰ ਅੱਜ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਨਾ ਹੋਣਾ ਪੈਂਦਾ। ਉਨ੍ਹਾਂ ਕਿਹਾ ਕਿ ਬੜਮਾਜਰਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਲੋਕ ਅਨੇਕਾਂ ਪ੍ਰਕਾਰ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ, ਜਿਨ੍ਹਾਂ ਦੀ ਵਿਧਾਇਕ ਬਲਬੀਰ ਸਿੱਧੂ ਵੱਲੋਂ ਵੋਟਾਂ ਲੈਣ ਮਗਰੋਂ ਸਾਰ ਨਹੀਂ ਲਈ ਗਈ।
ਵਸ਼ਿਸ਼ਟ ਨੇ ਕਿਹਾ ਕਿ ਵਿਧਾਇਕ ਸਿੱਧੂ ਵੱਲੋਂ ਦਾਰਾ ਸਟੂਡੀਓ ਤੋਂ ਜੁਝਾਰ ਨਗਰ ਤੱਕ 80 ਫੁੱਟ ਚੌੜੀ ਸੜਕ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲਣ ਦੇ ਦਾਅਵੇ ਵੀ ਝੂਠੇ ਹਨ। ਰਸਤੇ ਤੋਂ ਵਾਹਨ ਲੈ ਕੇ ਲੰਘਣਾ ਤਾਂ ਇਕ ਪਾਸੇ ਰਿਹਾ, ਪੈਦਲ ਲੰਘਣਾ ਵੀ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਲੋਕਾਂ ਨੂੰ ਗੰਦਗੀ ਤੋਂ ਨਿਜ਼ਾਤ ਦਿਵਾਈ ਜਾਵੇਗੀ।
ਪਰਵਿੰਦਰ ਬੈਦਵਾਨ ਨੂੰ ਲੱਡੂਆਂ ਨਾਲ ਤੋਲਿਆ
ਮੁਹਾਲੀ: ਮੁਹਾਲੀ ਤੋਂ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਇੱਥੋਂ ਦੇ ਫੇਜ਼-10 ਸਮੇਤ ਪਿੰਡ ਦੈੜੀ, ਨਗਾਰੀ, ਮਿੱਢੇਮਾਜਰਾ, ਗੀਗੇਮਾਜਰਾ, ਮੋਟੇਮਾਜਰਾ ਅਤੇ ਤੰਗੋਰੀ ਵਿੱਚ ਚੋਣ ਮੀਟਿੰਗਾਂ ਕੀਤੀਆਂ। ਇਸ ਦੌਰਾਨ ਕਈ ਪਿੰਡਾਂ ਵਿੱਚ ਲੱਡੂਆਂ ਨਾਲ ਤੋਲਿਆ ਗਿਆ ਅਤੇ ਜੈਕਾਰੇ ਛੱਡ ਕੇ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਕਾਰਜਾਂ ਦੀ ਬਦੌਲਤ ਉਹ ਲੋਕਾਂ ਦੀ ਕਚਹਿਰੀ ਵਿੱਚ ਵੋਟਾਂ ਮੰਗਣ ਆਏ ਹਨ। ਜਦੋਂਕਿ ਮੌਜੂਦਾ ਕਾਂਗਰਸ ਸਰਕਾਰ ਨੇ ਬਿਲਕੁਲ ਵੀ ਵਿਕਾਸ ਨਹੀਂ ਕੀਤਾ, ਸਗੋਂ ਹੁਕਮਰਾਨਾਂ ਨੂੰ ਜ਼ਮੀਨਾਂ ਦੱਬਣ, ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ ਚਲਾਉਣ ਤੋਂ ਹੀ ਵਿਹਲ ਨਹੀਂ ਮਿਲੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।