ਆਤਿਸ਼ ਗੁਪਤਾ
ਚੰਡੀਗੜ੍ਹ, 14 ਅਕਤੂਬਰ
ਯੂਟੀ ਪ੍ਰਸ਼ਾਸਨ ਨੇ ਐੱਨਜੀਟੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਸ਼ਹਿਰ ’ਚ ਪਟਾਕੇ ਵੇਚਣ ਅਤੇ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ। ਇਸ ਦੇ ਨਾਲ ਹੀ ਦਸਹਿਰੇ ’ਤੇ ਵੀ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਬਿਨਾਂ ਪਟਾਕਿਆਂ ’ਤੇ ਫੂਕਣ ਅਤੇ ਆਤਿਸ਼ਬਾਜੀ ਦੀ ਵਰਤੋਂ ਨਾ ਕਰਨ ਦੇ ਆਦੇਸ਼ ਦਿੱਤੇ ਸਨ। ਸਿਟੀ ਬਿਊਟੀਫੁੱਲ ’ਚ ਪਟਾਕਿਆਂ ’ਤੇ ਲਗਾਈ ਗਈ ਪਾਬੰਦੀ ਨੂੰ ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਨੇ ਚੁਣੌਤੀ ਦਿੱਤੀ ਹੈ। ਉਨ੍ਹਾਂ ਸ਼ਹਿਰ ਵਿਚਲੀ ਰਾਮ ਲੀਲ੍ਹਾ ਕਮੇਟੀਆਂ ਨੂੰ ਦਸਹਿਰਾ ਧੂਮਧਾਮ ਨਾਲ ਮਨਾਉਣ ਦੀ ਅਪੀਲ ਕੀਤੀ।
ਪ੍ਰਸ਼ਾਸਨ ਵੱਲੋਂ ਪਟਾਕਿਆਂ ’ਤੇ ਪਾਬੰਦੀ ਲਗਾਉਣ ਵਿਰੁੱਧ ਦਸਹਿਰਾ ਕਮੇਟੀਆਂ ਦੇ ਵਫ਼ਦ ਨੇ ਭਾਜਪਾ ਪ੍ਰਧਾਨ ਅਰੁਣ ਸੂਦ ਤੱਕ ਪਹੁੰਚ ਕੀਤੀ। ਉਨ੍ਹਾਂ ਕਿਹਾ ਕਿ ਦਸਹਿਰੇ ਮੌਕੇ ਪਟਾਕਿਆਂ ਦੀ ਵਰਤੋਂ ਨਾ ਕਰਨ ਨਾਲ ਦਸਹਿਰੇ ਦੇ ਤਿਉਹਾਰ ਦੀ ਰੌਣਕ ਚੰਡੀਗੜ੍ਹ ’ਚ ਫਿੱਕੀ ਹੋ ਜਾਵੇਗੀ। ਜਦਕਿ ਮੁਹਾਲੀ ਅਤੇ ਪੰਚਕੂਲਾ ’ਚ ਪਟਾਕਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਵਫ਼ਦ ਨੇ ਮੰਗ ਕੀਤੀ ਕਿ ਦਸਹਿਰੇ ਮੌਕੇ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਜਾਵੇ। ਭਾਜਪਾ ਪ੍ਰਧਾਨ ਨੇ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ ਦਸਹਿਰੇ ਨੂੰ ਧੂਮਧਾਮ ਨਾਲ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਗੱਲਬਾਤ ਕਰ ਲਈ ਹੈ। ਜਦਕਿ ਦੇਰ ਰਾਤ ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੋਈ ਲਿਖਤੀ ਆਦੇਸ਼ ਜਾਰੀ ਨਹੀਂ ਸਨ ਕੀਤੇ।
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਐੱਨਜੀਟੀ ਨੇ ਦਸਹਿਰੇ ਮੌਕੇ ਪਟਾਕਿਆਂ ਦੀ ਵਰਤੋਂ ’ਤੇ ਕੋਈ ਪਾਬੰਦੀ ਨਹੀਂ ਲਗਾਈ ਹੈ। ਉਨ੍ਹਾਂ ਕਿਹਾ ਕਿ ਦਸਹਿਰੇ ਮੌਕੇ ਪਟਾਕਿਆਂ ’ਤੇ ਪਾਬੰਦੀ ਲਗਾਉਣਾ ਠੀਕ ਨਹੀਂ ਹੈ। ਸ੍ਰੀ ਸੂਦ ਨੇ ਕਿਹਾ ਕਿ ਚੰਡੀਗੜ੍ਹ ’ਚ ਦਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਕਿਸੇ ਕਿਸਮ ਦੀ ਕੋਈ ਪਾਬੰਦੀ ਨਹੀਂ ਹੋਵੇਗੀ।
80 ਫੁੱਟ ਤੋਂ 25 ਫੁੱਟ ਦਾ ਹੋਇਆ ‘ਰਾਵਣ’
ਸ੍ਰੀ ਸਨਾਤਨ ਧਰਮ ਦਸਹਿਰਾ ਕਮੇਟੀ ਸੈਕਟਰ 46 ਨੇ ਦਸਹਿਰੇ ਮੌਕੇ ਕਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਸ਼ੋਭਾ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ ਜਿਸ ਤੋਂ ਬਾਅਦ 25 ਫੁੱਟ ਦੇ ਰਾਵਣ ਦੇ ਪੁਤਲੇ ਨੂੰ ਸਾੜਿਆ ਜਾਵੇਗਾ। ਕਮੇਟੀ ਦੇ ਚੀਫ਼ ਪੈਟਰਨ ਜਤਿੰਦਰ ਭਾਟੀਆ ਨੇ ਦੱਸਿਆ ਕਿ ਸੈਕਟਰ 46 ’ਚ 80 ਫੁੱਟ ਉੱਚਾ ਰਾਵਣ ਅਤੇ 65-65 ਫੁੱਟ ਕੇ ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਸਾੜੇ ਜਾਣੇ ਸਨ। ਪਰ ਪ੍ਰਸ਼ਾਸਨ ਦੀਆਂ ਪਾਬੰਦੀਆਂ ਦੇ ਚਲਦਿਆਂ 25 ਫੁੱਟ ਦਾ ਰਾਵਣ ਹੀ ਸਾੜਿਆ ਜਾਵੇਗਾ।