ਆਤਿਸ਼ ਗੁਪਤਾ
ਚੰਡੀਗੜ੍ਹ, 5 ਅਪਰੈਲ
ਪੰਜਾਬ ਤੇ ਹਰਿਆਣਾ ਵੱਲੋਂ ਚੰਡੀਗੜ੍ਹ ’ਤੇ ਹੱਕ ਜਤਾਉਣ ਦੇ ਮਸਲੇ ’ਤੇ ਸਿਆਸਤ ਤੇਜ਼ ਹੋ ਗਈ ਹੈ। ਇਸੇ ਦਰਮਿਆਨ ਭਾਜਪਾ ਦੇ ਹਰਿਆਣਾ ਅਤੇ ਚੰਡੀਗੜ੍ਹ ਯੂਨਿਟ ਵੀ ਆਹਮੋ-ਸਾਹਮਣੇ ਖੜ੍ਹੇ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾਅਵਾ ਕਰ ਰਹੇ ਹਨ ਕਿ ਚੰਡੀਗੜ੍ਹ ’ਤੇ ਹਰਿਆਣਾ ਦਾ ਹੱਕ ਹੈ ਜਦੋਂ ਕਿ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਦਾ ਕਹਿਣਾ ਹੈ ਕਿ ਸਿਟੀ ਬਿਊਟੀਫੁੱਲ ’ਤੇ ਸਿਰਫ਼ ਚੰਡੀਗੜ੍ਹੀਆਂ ਦਾ ਹੱਕ ਹੈ। ਸੂਦ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਤੋਂ ਬਾਅਦ ਯੂਟੀ ਦੇ 23 ਹਜ਼ਾਰ ਮੁਲਾਜ਼ਮਾਂ ਨੂੰ ਲਾਭ ਮਿਲੇਗਾ। ਭਾਜਪਾ ਪ੍ਰਧਾਨ ਨੇ ਮੰਗ ਕੀਤੀ ਕਿ ਚੰਡੀਗੜ੍ਹ ਨੂੰ ਸਿਰਫ਼ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਦੀ ਵੱਖਰੀ ਵਿਧਾਨ ਸਭਾ ਬਣਾ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਡੇਪੂਟੇਸ਼ਨ ’ਤੇ ਅਧਿਕਾਰੀ ਆਉਂਦੇ ਹਨ ਜਿਨ੍ਹਾਂ ਦਾ ਸ਼ਹਿਰ ਨਾਲ ਕੋਈ ਮੋਹ ਨਾ ਹੋਣ ਕਰਕੇ ਸ਼ਹਿਰ ਵਿਕਾਸ ਪੱਖੋਂ ਪੱਛੜਦਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਨੂੰ ਦੇਸ਼ ਵਿੱਚ ਵੱਖਰੀ ਪਛਾਣ ਦਾ ਦਰਜਾ ਮਿਲਣਾ ਚਾਹੀਦਾ ਹੈ। ਇਸ ਮੌਕੇ ਨਰੇਸ਼ ਅਰੋੜਾ, ਮੇਅਰ ਸਰਬਜੀਤ ਕੌਰ, ਜਨਰਲ ਸਕੱਤਰ ਰਾਮਵੀਰ ਭੱਟੀ, ਚੰਦਰਸ਼ੇਖਰ ਤੇ ਹੋਰ ਭਾਜਪਾ ਆਗੂ ਹਾਜ਼ਰ ਸਨ।