ਆਤਿਸ਼ ਗੁਪਤਾ
ਚੰਡੀਗੜ੍ਹ, 7 ਜੂਨ
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਖ਼ਿਲਾਫ਼ ਵਾਰਡ ਨੰਬਰ 14 ਤੋਂ ਭਾਜਪਾ ਦੇ ਕੌਂਸਲਰ ਕੁਲਜੀਤ ਸਿੰਘ ਸੰਧੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਿਕਾਇਤ ਕੀਤੀ ਹੈ। ਇਸ ਸਬੰਧੀ ਕੌਂਸਲਰ ਕੁਲਜੀਤ ਸਿੰਘ ਸੰਧੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਕਿ ਪ੍ਰਸ਼ਾਸਕ ਦੇ ਸਲਾਹਕਾਰ ਅਤੇ ਹੋਰ ਅਧਿਕਾਰੀ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕੌਂਸਲਰਾਂ ਨੂੰ ਹੀ ਖੱਜਲ-ਖੁਆਰ ਕਰ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੌਂਸਲਰਾਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ ਜਾਂਦਾ ਅਤੇ ਨਾ ਹੀ ਕੌਂਸਲਰਾਂ ਦੀ ਗੱਲ ਸੁਣੀ ਜਾਂਦੀ ਹੈ। ਇਸ ਬਾਰੇ ਕੌਂਸਲਰ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਈ-ਮੇਲ, ਡਾਕ ਅਤੇ ਟਵਿਟਰ ਰਾਹੀਂ ਸ਼ਿਕਾਇਤ ਭੇਜੀ ਹੈ।
ਕੌਂਸਲਰ ਕੁਲਜੀਤ ਸਿੰਘ ਸੰਧੂ ਨੇ ਕਿਹਾ ਕਿ ਲੰਘੇ ਦਿਨ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਪਿੰਡ ਧਨਾਸ ਵਿਚਲੀ ਡਿਸਪੈਂਸਰੀ ਅਤੇ ਸਿਹਤ ਕੇਂਦਰ ਦਾ ਦੌਰਾ ਕਰਦਿਆਂ 50 ਬੈੱਡਾਂ ਦਾ ਹਸਪਤਾਲ ਬਣਾਉਣ ਦੀ ਪ੍ਰਵਾਨਗੀ ਦਿੱਤੀ ਹੈ। ਸਲਾਹਕਾਰ ਦੀ ਫੇਰੀ ਬਾਰੇ ਉਨ੍ਹਾਂ ਨੂੰ ਸੂਚਿਤ ਤੱਕ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਹਸਪਤਾਲ ਬਣਾਉਣ ਲਈ ਧਨਾਸ ਦੇ ਖੁੰਜੇ ਵਿੱਚ ਪੰਜਾਬ ਦੇ ਨਾਲ ਲੱਗਦੀ ਥਾਂ ਦੀ ਚੋਣ ਕੀਤੀ ਗਈ ਹੈ। ਇਸ ਥਾਂ ਹਸਪਤਾਲ ਬਣਾਉਣ ਦਾ ਚੰਡੀਗੜ੍ਹ ਦੇ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ। ਸ੍ਰੀ ਸੰਧੂ ਨੇ ਕਿਹਾ ਕਿ ਹਸਪਤਾਲ ਨੂੰ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿੱਚ ਬਣਾਉਣਾ ਚਾਹੀਦਾ ਹੈ।
ਵਾਰਡ ਨੰਬਰ 14 ਦੇ ਕੌਂਸਲਰ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਲਈ ਪ੍ਰਸ਼ਾਸਕ ਦੇ ਸਲਾਹਕਾਰ ਤੋਂ ਮੁਲਾਕਾਤ ਲਈ ਸਮਾਂ ਮੰਗ ਚੁੱਕੇ ਹਨ, ਪਰ ਉਹ ਮਿਲਣ ਲਈ ਸਮਾਂ ਤੱਕ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ 18 ਮਈ ਤੋਂ ਲਗਾਤਾਰ ਸਲਾਹਕਾਰ ਨਾਲ ਮੁਲਾਕਾਤ ਲਈ ਸਮਾਂ ਮੰਗ ਰਹੇ ਹਨ, ਪਰ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ। ਭਾਜਪਾ ਕੌਂਸਲਰ ਨੇ ਕਿਹਾ ਕਿ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਅਜਿਹਾ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਸੰਧੂ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਕਾਪੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਵੀ ਭੇਜੀ ਗਈ ਹੈ।