ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਜਥੇਬੰਦਕ ਢਾਂਚੇ ਵੱਲ ਧਿਆਨ ਕੇਂਦਰਿਤ
ਚੰਡੀਗੜ੍ਹ ਭਾਜਪਾ ਨੇ ਅਗਲੇ ਸਾਲ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਹੁਣੇ ਤੋਂ ਵਿੱਢ ਦਿੱਤੀਆਂ ਹਨ। ਨਿਗਮ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਭਾਜਪਾ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਦਿਆਂ ਅੱਜ ਸੈਕਟਰ-33 ਵਿਖੇ ਸਥਿਤ ਭਾਜਪਾ ਦਫ਼ਤਰ ਕਮਲਮ ਵਿੱਚ ਇਕ ਦਿਨਾਂ ਵਰਕਸ਼ਾਪ ਕੀਤੀ ਗਈ। ਇਸ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਅਤੇ ਕੇਂਦਰ ਸਰਕਾਰ ਦੇ ਕੰਮਕਾਜ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਭਾਜਪਾ ਦੀ ਇੰਚਾਰਜ ਤੇ ਭਾਜਪਾ ਦੀ ਕੌਮੀ ਮੀਤ ਪ੍ਰਧਾਨ ਰੇਖਾ ਵਰਮਾ ਅਤੇ ਸੌਦਾਨ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ, ਜਿਨ੍ਹਾਂ ਕਿਹਾ ਕਿ ਭਾਜਪਾ ਇੱਕ ਸਿਆਸੀ ਪਾਰਟੀ ਨਹੀਂ, ਸਗੋਂ ਇੱਕ ਸ਼ਕਤੀਸ਼ਾਲੀ ਸੰਗਠਨ ਹੈ, ਜੋ ਕਿ ਸੇਵਾ, ਸੰਗਠਨ ਅਤੇ ਸਮਰਪਣ ਦੀ ਭਾਵਨਾ ਨਾਲ ਦੇਸ਼ ਹਿਤ ਦੇ ਕੰਮਾਂ ਵਿੱਚ ਅੱਗੇ ਹੈ।
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਪੱਧਰ ’ਤੇ ਘਰ-ਘਰ ਤੱਕ ਪਹੁੰਚ ਕਰਕੇ ਭਾਜਪਾ ਦੀਆਂ ਨੀਤੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਵਾਉਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਵਧੇਰੇ ਸਕੀਮਾਂ ਚਲਾਈ ਜਾ ਰਹੀਆਂ ਹਨ। ਇਸ ਲਈ ਉਨ੍ਹਾਂ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਨੂੰ ਮਿਲਣਾ ਚਾਹੀਦਾ ਹੈ। ਚੰਡੀਗੜ੍ਹ ਤੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸ੍ਰੀਨੀਵਾਸੂਲੂ ਨੇ ਪਾਰਟੀ ਵਰਕਰਾਂ ਨੂੰ ਸੰਗਠਨਾਤਮਕ ਅਨੁਸ਼ਾਸਨ, ਕਾਰਕੁਨਾਂ ਦੀ ਇਕਜੁੱਟਤਾ ਅਤੇ ਜਨਤਾ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਕਾਰਕੁਨ ਹੀ ਪਾਰਟੀ ਦੀ ਆਤਮਾ ਹੈ ਅਤੇ ਉਨ੍ਹਾਂ ਦੀ ਨਿਸ਼ਠਾ ਨਾਲ ਹੀ ਸੰਗਠਨ ਮਜ਼ਬੂਤ ਬਣਦਾ ਹੈ। ਇਸ ਦੌਰਾਨ ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਸੰਜੈ ਟੰਡਨ, ਰਾਜ ਸਭਾ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਹੋਰਨਾਂ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਸੰਬੋਧਨ ਕੀਤਾ।