ਭਾਜਪਾ ਨੂੰ ਕੈਂਪ ਲਗਾ ਕੇ ਲੋਕਾਂ ਦਾ ਡਾਟਾ ਚੋਰੀ ਕਰਨ ਦੀ ਇਜਾਜ਼ਤ ਨਹੀਂ: ਬੈਂਸ
ਇੱਥੇ ਆਮ ਆਦਮੀ ਪਾਰਟੀ ਰੂਪਨਗਰ ਦੀ ਜ਼ਿਲ੍ਹਾ ਇਕਾਈ ਵੱਲੋਂ ਕੀਤੀ ਗਈ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਤੇ ਲੋੜਵੰਦ 55 ਲੱਖ ਲੋਕਾਂ ਦੀ ਥਾਲੀ ਵਿੱਚੋ ਰੋਟੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਹਾਲਤ ਵਿਚ ਕੇਂਦਰ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਵੱਲੋਂ ਕੈਂਪ ਲਗਾ ਕੇ ਲੋਕਾਂ ਦਾ ਡਾਟਾ ਚੋਰੀ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਕੈਂਪਾਂ ਜ਼ਰੀਏ ਲੋਕਾਂ ਦੇ ਰਾਸ਼ਨਕਾਰਡ ਬਣਾਉਣ ਦੀ ਬਜਾਏ ਕੱਟੇ ਜਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪਹਿਲਾਂ ਵੋਟਾਂ ਚੋਰੀ ਕਰ ਰਹੀ ਸੀ ਉਸ ਤੋਂ ਬਾਅਦ ਪੰਜਾਬ ਦਾ ਪਾਣੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਤੇ ਹੁਣ ਲੋਕਾਂ ਦਾ ਨਿੱਜੀ ਡਾਟਾ ਚੁਰਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਵਿਅਕਤੀ ਨੂੰ ਪਿੰਡਾਂ ਵਿੱਚ ਕੈਂਪ ਲਗਾ ਕੇ ਕੇਂਦਰੀ ਸਕੀਮਾਂ ਓਹਲੇ ਲੋਕਾਂ ਦਾ ਨਿੱਜੀ ਡਾਟਾ ਇਕੱਤਰ ਕਰਕੇ ਉਸ ਦੀ ਦੁਰਵਰਤੋਂ ਨਹੀਂ ਕਰਨ ਦਿੱਤੀ ਜਾਵੇਗੀ।ਉਨ੍ਹਾਂ ਚਿਤਾਵਨੀ ਦਿੱਤ਼ੀ ਕਿ ਜੇ ਕਿਸੇ ਨੇ ਜ਼ਬਰਦਸਤੀ ਕੈਂਪ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਕੇਵਾਈਸੀ ਦੀ ਰਜਿਸਟਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫਤ ਰਾਸ਼ਨ ਬੰਦ ਕਰ ਦਿੱਤਾ ਹੈ, ਜਦੋਂ ਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 1.55 ਕਰੋੜ ਲੋਕਾਂ ਵਿੱਚੋ ਲਗਭਗ 55 ਲੱਖ ਲੋਕਾਂ ਨੂੰ ਸਕੀਮ ਵਿਚੋ ਬਾਹਰ ਕੱਢਣ ਦੀ ਕੋਝੀ ਸਾਜ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਸ਼ਨਕਾਰਡ ਰੱਦ ਹੋਣ ਨਾਲ ਸੂਬੇ ਦੇ ਲੋਕਾਂ ਨੂੰ ਸਿਰਫ ਮੁਫਤ ਰਾਸ਼ਨ ਮਿਲਣਾ ਹੀ ਬੰਦ ਨਹੀਂ ਹੋਵੇਗਾ, ਬਲਕਿ ਲੋਕਾਂ ਦੇ ਸਿਹਤ ਕਾਰਡ ਅਤੇ ਆਯੂਸ਼ਮਾਨ ਕਾਰਡ ਵੀ ਆਪਣੇ ਆਪ ਰੱਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਨ੍ਹਾਂ ਪੰਜਾਬ ਵਿਰੋਧੀ ਯੋਜਨਾਵਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਹਿੱਤਾਂ ਦੀ ਡੱਟ ਕੇ ਰੱਖਿਆ ਕਰੇਗੀ।