DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਨੇ ਪੰਜਾਬ ਦੀ ਸੇਵਾ ਲਈ ਮੰਗਿਆ ‘ਇੱਕ ਮੌਕਾ’; ਅਕਾਲੀ ਦਲ ਨਾਲ ਗਠਜੋੜ ਤੋਂ ਕੀਤਾ ਸਾਫ਼ ਇਨਕਾਰ

ਅਸੀਂ ਕਿਸੇ ਹੋਰ ਦੀ ਚਲਾਈ ਬੱਸ ਦੇ ਕੰਡਕਟਰ ਨਹੀਂ ਬਣ ਸਕਦੇ; ਸਾਰੀਆਂ 117 ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਅਤੇ ਚੰਡੀਗੜ੍ਹ ਦੇ ਆਰ.ਐੱਸ.ਐੱਸ. (RSS) ਦੇ ਜਥੇਬੰਦਕ ਜਨਰਲ ਸਕੱਤਰ ਸ੍ਰੀਨਿਵਾਸਲੂ ਮੰਤਰੀ ਅਤੇ ਮੁੱਖ ਮੀਡੀਆ ਸਲਾਹਕਾਰ ਵਿਨੀਤ ਜੋਸ਼ੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ।
Advertisement

ਪੰਜਾਬ ਭਾਰਤੀ ਜਨਤਾ ਪਾਰਟੀ (BJP) ਨੇ ਸੂਬੇ ਦੇ ਵੋਟਰਾਂ ਕੋਲੋਂ ‘ਸੇਵਾ ਲਈ ਇੱਕ ਮੌਕਾ’ ਮੰਗਦਿਆਂ ਦਾਅਵਾ ਕੀਤਾ ਹੈ ਕਿ ਕੇਂਦਰ ਅਤੇ ਸੂਬੇ ਵਿੱਚ ‘ਡਬਲ ਇੰਜਣ'’ ਸਰਕਾਰ ਬਣਨ ’ਤੇ ਪੰਜਾਬ ਵਿੱਚ ਬੇਮਿਸਾਲ ਵਿਕਾਸ ਕੀਤਾ ਜਾਵੇਗਾ। ਸ਼ੁੱਕਰਵਾਰ ਸ਼ਾਮ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਆਰ.ਐੱਸ.ਐੱਸ. (RSS) ਦੇ ਪੰਜਾਬ ਤੇ ਚੰਡੀਗੜ੍ਹ ਦੇ ਜਥੇਬੰਦਕ ਜਨਰਲ ਸਕੱਤਰ ਸ੍ਰੀਨਿਵਾਸਲੂ ਮੰਤਰੀ ਅਤੇ ਮੁੱਖ ਮੀਡੀਆ ਸਲਾਹਕਾਰ ਵਿਨੀਤ ਜੋਸ਼ੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਤੱਕ ਹਰ ਸਿਆਸੀ ਪਾਰਟੀ ਨੂੰ ਅਜ਼ਮਾ ਕੇ ਦੇਖ ਲਿਆ ਹੈ, ਇਸ ਲਈ ਹੁਣ ਭਾਜਪਾ ਨੂੰ ਵੀ ਆਪਣੀ ਕਾਰਗੁਜ਼ਾਰੀ ਦਿਖਾਉਣ ਦਾ ਇੱਕ ਮੌਕਾ ਮਿਲਣਾ ਚਾਹੀਦਾ ਹੈ।

ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਗਠਜੋੜ ਹੋਣ ਦੀਆਂ ਚਰਚਾਵਾਂ ’ਤੇ ਪੂਰੀ ਤਰ੍ਹਾਂ ਵਿਰਾਮ ਲਗਾਉਂਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਦੀ ਹੁਣ ਕੋਈ ਗੁੰਜਾਇਸ਼ ਨਹੀਂ ਹੈ ਅਤੇ ਮੀਡੀਆ ਨੂੰ ਹੁਣ ਇਸ ਮੁੱਦੇ ਤੋਂ ਅੱਗੇ ਵਧਣਾ ਚਾਹੀਦਾ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਲਾਨ ਕੀਤਾ ਕਿ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ। ਉਨ੍ਹਾਂ ਦੱਸਿਆ ਕਿ ਕਈ ਹਲਕਿਆਂ ਵਿੱਚ ਤਾਂ ਇੱਕ-ਇੱਕ ਸੀਟ ’ਤੇ ਤਿੰਨ ਜਾਂ ਉਸ ਤੋਂ ਵੱਧ ਮਜ਼ਬੂਤ ਦਾਅਵੇਦਾਰ ਪਾਰਟੀ ਕੋਲ ਮੌਜੂਦ ਹਨ।

Advertisement

ਇਸ ਦੌਰਾਨ ਜਥੇਬੰਦਕ ਸਕੱਤਰ ਸ੍ਰੀਨਿਵਾਸਲੂ ਮੰਤਰੀ ਨੇ ਇੱਕ ਰੋਚਕ ਮਿਸਾਲ ਦਿੰਦਿਆਂ ਕਿਹਾ ਕਿ ਭਾਜਪਾ ਹੁਣ ਕਿਸੇ ਹੋਰ ਦੀ ਚਲਾਈ ਗੱਡੀ (ਬੱਸ) ਵਿੱਚ ਕੰਡਕਟਰ ਦੀ ਭੂਮਿਕਾ ਨਹੀਂ ਨਿਭਾ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੀ ਵਾਗਡੋਰ ਕਿਸੇ ਹੋਰ ਪਾਰਟੀ ਦੇ ਹੱਥ ਵਿੱਚ ਹੁੰਦੀ ਹੈ, ਤਾਂ ਭਾਜਪਾ ਦੀਆਂ ਨੀਤੀਆਂ ਅਤੇ ਜਨਤਾ ਨਾਲ ਕੀਤੇ ਵਾਅਦੇ ਪਿੱਛੇ ਛੁੱਟ ਜਾਂਦੇ ਹਨ। ਗਠਜੋੜ ਬਾਰੇ ਵਾਰ-ਵਾਰ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਉਲਟਾ ਸਵਾਲ ਕੀਤਾ ਕਿ ਜੇਕਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਅਕਾਲੀ ਦਲ ਨਾਲ ਸਮਝੌਤਾ ਕੀਤੇ ਬਿਨਾਂ ਪੰਜਾਬ ਵਿੱਚ ਆਪਣੇ ਦਮ 'ਤੇ ਸਰਕਾਰਾਂ ਬਣਾ ਸਕਦੀਆਂ ਹਨ, ਤਾਂ ਭਾਜਪਾ ਇਕੱਲਿਆਂ ਸਰਕਾਰ ਕਿਉਂ ਨਹੀਂ ਬਣਾ ਸਕਦੀ?

Advertisement

ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਭਾਜਪਾ ਕੋਲ ਪੰਜਾਬ ਦੀਆਂ ਮੁੱਖ ਸਮੱਸਿਆਵਾਂ ਜਿਵੇਂ ਕਿ ਨਸ਼ਾਖੋਰੀ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਦਾ ਠੋਸ ਹੱਲ ਮੌਜੂਦ ਹੈ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਉਣ 'ਤੇ ਹਰਿਆਣਾ ਵਾਂਗ ਸਾਰੀਆਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਯਕੀਨੀ ਬਣਾਇਆ ਜਾਵੇਗਾ। ਇਸੇ ਦੌਰਾਨ ਵਿਨੀਤ ਜੋਸ਼ੀ ਨੇ ਆਲੂ ਉਤਪਾਦਕਾਂ ਦੀ ਮਿਸਾਲ ਦਿੰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਆਲੂ ਦਾ ਸਹੀ ਭਾਅ ਨਹੀਂ ਮਿਲ ਰਿਹਾ, ਜਦਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਇਹ 6 ਰੁਪਏ ਕਿਲੋ ਵਿਕ ਰਿਹਾ ਹੈ, ਜੋ ਕਿ ਸਿਰਫ਼ ਸਰਕਾਰ ਦੀਆਂ ਨੀਤੀਆਂ ਦੇ ਫ਼ਰਕ ਕਾਰਨ ਹੈ।

ਦਰਿਆਈ ਪਾਣੀਆਂ ਦੇ ਵਿਵਾਦ, ਚੰਡੀਗੜ੍ਹ ਪੰਜਾਬ ਨੂੰ ਸੌਂਪਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਸੰਵੇਦਨਸ਼ੀਲ ਮੁੱਦਿਆਂ 'ਤੇ ਬੋਲਦਿਆਂ ਭਾਜਪਾ ਆਗੂਆਂ ਨੇ ਮੰਨਿਆ ਕਿ ਇਹ ਮਸਲੇ ਸਾਲਾਂ ਤੋਂ ਲਟਕ ਰਹੇ ਹਨ ਅਤੇ ਸਾਰੀਆਂ ਪਾਰਟੀਆਂ ਨੇ ਇਸ 'ਤੇ ਸਿਰਫ਼ ਸੂਬੇਨੀਤੀ ਕੀਤੀ ਹੈ। ਸ੍ਰੀਨਿਵਾਸਲੂ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਨੂੰ ਪੰਜਾਬ, ਹਰਿਆਣਾ ਅਤੇ ਕੇਂਦਰ ਦੀਆਂ ਭਾਜਪਾ ਸਰਕਾਰਾਂ ਆਪਸੀ ਗੱਲਬਾਤ ਰਾਹੀਂ ਸੁਲਝਾ ਸਕਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖ ਗੁਰਦੁਆਰਿਆਂ ਅਤੇ ਪੰਜਾਬ ਦੇ ਵਿਕਾਸ ਲਈ ਹਜ਼ਾਰਾਂ ਕਰੋੜ ਰੁਪਏ ਦਿੱਤੇ ਹਨ। ਮਾਨਸੂਨ ਦੌਰਾਨ ਹੜ੍ਹਾਂ ਦੇ ਖ਼ਤਰੇ ਨੂੰ ਦੇਖਦਿਆਂ ਢਿੱਲੋਂ ਨੇ ਦੱਸਿਆ ਕਿ ਭਾਜਪਾ ਦੇ ਬੂਥ ਪੱਧਰ ਦੇ ਵਰਕਰ ਮੈਦਾਨ 'ਚ ਹਨ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਲੋਕਾਂ ਦੀ ਮਦਦ ਕੀਤੀ ਜਾ ਸਕੇ।

Advertisement
×