ਆਤਿਸ਼ ਗੁਪਤਾ
ਚੰਡੀਗੜ੍ਹ, 7 ਦਸੰਬਰ
ਭਾਰਤੀ ਜਨਤਾ ਪਾਰਟੀ ਵੱਲੋਂ ਸ਼ਹਿਰ ਦੇ ਹਿਮਾਚਲੀ ਲੋਕਾਂ ਦੀਆਂ ਵੋਟਾਂ ਬਟੋਰਨ ਲਈ ਹਿਮਾਚਲੀ ਧਾਮ ਅਤੇ ਗਾਇਕਾਂ ਦਾ ਸਹਾਰਾ ਲਿਆ ਜਾ ਰਿਹਾ ਹੈ। ਭਾਜਪਾ ਦੇ ਹਿਮਾਚਲ ਪ੍ਰਦੇਸ਼ ਸੈੱਲ ਨੇ 10 ਦਸੰਬਰ ਨੂੰ ਸੈਕਟਰ-25 ਦੇ ਰੈਲੀ ਗਰਾਂਊਂਡ ਵਿੱਚ ਸੱਭਿਆਚਾਰਕ ਸਮਾਗਮ ਦਾ ਪ੍ਰਬੰਧ ਕੀਤਾ ਹੈ। ਸਮਾਗਮ ਨੂੰ ਕੇਂਦਰੀ ਸੂਚਨਾ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਸੰਬੋਧਨ ਕਰਨਗੇ। ਇਸ ਮੌਕੇ ਹਿਮਾਚਲ ਵਾਸੀਆਂ ਨੂੰ ਖੁਸ਼ ਕਰਨ ਲਈ ਗਾਇਕ ਕਰਨੈਲ ਰਾਣਾ ਪੇਸ਼ਕਾਰੀ ਦੇਣਗੇ। ਇਸ ਮੌਕੇ ਹਿਮਾਚਲੀ ਧਾਮ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾ ਰਿਹਾ ਹੈ।
ਭਾਰਤੀ ਜਨਤਾ ਪਾਰਟੀ ਨੇ ਨਿਗਮ ਚੋਣਾਂ ਦੌਰਾਨ ਪ੍ਰਚਾਰ ਲਈ 8 ਸਟਾਰ ਪ੍ਰਚਾਰਕਾਂ ਦੀ ਚੋਣ ਕੀਤੀ ਗਈ ਹੈ ਜਿਸ ਵਿੱਚ ਅਨੁਰਾਗ ਠਾਕੁਗ ਵੀ ਸ਼ਾਮਲ ਹੈ। ਇਸ ਤੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਸੰਸਦ ਮੈਂਬਰ ਮਨੋਜ ਤਿਵਾੜੀ ਅਤੇ ਯੂਟੀ ਤੋਂ ਦਿਨੇਸ਼ ਲਾਲ ਯਾਦਵ ਨੂੰ ਚੰਡੀਗੜ੍ਹ ਲਿਆਂਦਾ ਜਾ ਰਿਹਾ ਹੈ।
ਗੌਰਤਲਬ ਹੈ ਕਿ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਗੁਆਂਢੀ ਸੂਬਿਆਂ ਦੇ ਵੱਡੀ ਗਿਣਤੀ ਲੋਕ ਰਹਿੰਦੇ ਹਨ। ਇਸ ਲਈ ਪਾਰਟੀ ਹਰ ਵਰਗ ਦੇ ਲੋਕਾਂ ਦੀਆਂ ਵੋਟਾਂ ਹਾਸਿਲ ਕਰਨ ਲਈ ਉਸੇ ਥਾਂ ਦੇ ਵੱਡੇ ਸਿਆਸੀ ਆਗੂਆਂ ਨੂੰ ਪ੍ਰਚਾਰ ਲਈ ਬੁਲਾ ਰਹੀ ਹੈ। ਦੂਜੇ ਪਾਸੇ ਭਾਜਪਾ ਵੱਲੋਂ ਸ਼ਹਿਰ ਦੇ ਹਰ ਵਿਅਕਤੀ ਨਾਲ ਸੰਪਰਕ ਕਰਨ ਲਈ ਜ਼ਿਲ੍ਹਾ, ਮੰਡਲ, ਵਾਰਡ ਅਤੇ ਬੂਥ ਪੱਧਰ ਦੀਆਂ ਟੀਮਾਂ ਨੂੰ ਪ੍ਰਚਾਰ ਲਈ ਲਗਾਇਆ ਗਿਆ ਹੈ। ਜਿਸ ਦੇ ਚਲਦਿਆਂ ਵੱਡੀ ਗਿਣਤੀ ਵਿੱਚ ਲੋਕ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।