ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਨਵੰਬਰ
ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਚੋਣਾਂ ਦੇ ਐਲਾਨ ਦੇ ਨਾਲ ਹੀ ਭਾਜਪਾ ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜਿਸ ਦੇ ਚਲਦਿਆਂ ਚੰਡੀਗੜ੍ਹ ਨਿਗਮ ਚੋਣਾਂ ਦੇ ਪ੍ਰਭਾਰ ਵਿਨੋਦ ਤਾਵੜੇ ਨੂੰ ਕੌਮੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੋਂਪਣ ਤੋਂ ਬਾਅਦ ਚੰਡੀਗੜ੍ਹ ਡੇਰੇ ਲਗਾ ਲਏ ਹਨ। ਜਿਨ੍ਹਾਂ ਦਾ ਭਾਜਪਾ ਆਗੂਆਂ ਨੇ ਚੰਡੀਗੜ੍ਹ ਪਹੁੰਚਣ ’ਤੇ ਧੂਮਧਾਮ ਨਾਲ ਸਵਾਗਤ ਕੀਤਾ। ਮੁਹਾਲੀ ਏਅਰ ਪੋਰਟ ਤੋਂ ਰੋਡ ਸ਼ੋਅ ਰਾਹੀਂ ਸੈਕਟਰ 33 ਸਥਿਤ ਭਾਜਪਾ ਦਫ਼ਤਰ ‘ਕਮਲਮ’ ਵਿੱਚ ਲਿਆਂਦਾ ਗਿਆ। ਪਾਰਟੀ ਦਫ਼ਤਰ ਵਿੱਚ ਵਿਨੋਦ ਤਾਵੜੇ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ’ਚ ਸਾਰੀਆਂ 35 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਾਵੇਗੀ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਸਾਡੇ ਲਈ ਇਹ ਖੁਸ਼ੀ ਦਾ ਮੌਕਾ ਹੈ।