ਅਕਾਲੀਆਂ ਨਾਲ ਰਲ ਕੇ ਚੋਣਾਂ ਨਹੀਂ ਲੜੇਗੀ ਭਾਜਪਾ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਅਤੇ ਅਕਾਲੀ ਦਲ ਦੇ ਗੱਠਜੋੜ ਦੀ ਵਕਾਲਤ ਕਰਨ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਹਾਲਾਂਕਿ ਪੰਜਾਬ ਭਾਜਪਾ ਨੇ ਕੈਪਟਨ ਦੇ ਇਸ ਸੁਝਾਅ ਤੋਂ ਵੀ ਕਿਨਾਰਾ ਕਰ ਲਿਆ ਹੈ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਕੈਪਟਨ ਦੀ ਟਿੱਪਣੀ ਉਨ੍ਹਾਂ ਦੇ ਨਿੱਜੀ ਵਿਚਾਰ ਹਨ। ਪਾਰਟੀ ਸੂਬੇ ਵਿੱਚ ਇਕੱਲੇ ਚੋਣ ਲੜਨ ਦੇ ਸਮਰੱਥ ਹੈ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜੇਗੀ ਅਤੇ ਇਸ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ।
ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਸਬੰਧੀ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ ਹਨ, ਜਿਸ ’ਤੇ ਨੱਥ ਪਾਉਣ ਵਿੱਚ ਸਰਕਾਰ ਨਾਕਾਮ ਰਹੀ ਹੈ। ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਵਿੱਚ ਫੇਲ੍ਹ ਸਾਬਤ ਹੋਈ ਹੈ।
ਅਸ਼ਵਨੀ ਸ਼ਰਮਾ ਨੇ ਨਾਜਾਇਜ਼ ਮਾਈਨਿੰਗ ਦੇ ਮੁੱਦੇ ’ਤੇ ਕਿਹਾ ਕਿ ਪਠਾਨਕੋਟ ਅਤੇ ਫਾਜ਼ਿਲਕਾ ਵਿੱਚ ਵੱਡੇ ਪੱਧਰ ’ਤੇ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ।
