ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਭਾਜਪਾ ਮਹਿਲਾ ਮੋਰਚੇ ਦੀਆਂ ਆਗੂਆਂ ਨੂੰ ਹਿਰਾਸਤ ’ਚ ਲਿਆ
ਪੰਜਾਬ ਭਾਜਪਾ ਦੇ ਮਹਿਲਾ ਮੋਰਚਾ ਨੇ ਆਮ ਆਦਮੀ ਪਾਰਟੀ ਤੋਂ ਔਰਤਾਂ ਨੂੰ ਇੱਕ-ਇੱਕ ਹਜਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਪੂਰਾ ਨਾ ਕਰਨ ਤੇ ਘੇਰਿਆ
Advertisement
ਪੰਜਾਬ ਭਾਜਪਾ ਦੇ ਮਹਿਲਾ ਮੋਰਚਾ ਵੱਲੋਂ ਮਹਿਲਾਵਾਂ ਲਈ ਇੱਕ ਇੱਕ ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਦੇਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਭਾਜਪਾ ਮਹਿਲਾ ਮੋਰਚਾ ਦੀ ਪੰਜਾਬ ਪ੍ਰਧਾਨ ਜੈ ਇੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਮਹਿਲਾ ਮੋਰਚਾ ਦੀਆਂ ਆਗੂਆਂ ਨੇ ‘ਆਪ’ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੇ ਵਾਅਦੇ ਨੂੰ ਪੂਰਾ ਨਾ ਕਰਨ ਲਈ ਘੇਰਾ ਬੰਦੀ ਕੀਤੀ ਹੈ।
ਇਸ ਸਬੰਧ ਵਿੱਚ ਅੱਜ ਭਾਜਪਾ ਮਹਿਲਾ ਮੋਰਚਾ ਦੀ ਵੱਡੀ ਗਿਣਤੀ ਵਿੱਚ ਆਗੂਆਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿਖੇ ਸਥਿਤ ਭਾਜਪਾ ਦਫਤਰ ਦੇ ਬਾਹਰ ਇਕੱਠੇ ਹੋ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਜਦ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਘਿਰਾਓ ਕਰਨ ਲਈ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਅੱਗੇ ਵਧਣ ਲੱਗੇ ਤਾਂ ਪੁਲੀਸ ਨੇ ਕੁਝ ਦੂਰੀ ਤੇ ਹੀ ਰੋਕ ਦਿੱਤਾ। ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਕਾਫੀ ਖਿੱਚ ਧੂਹ ਵੀ ਹੋਈ ਅਤੇ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਔਰਤਾਂ ਨੂੰ ਇੱਕ ਇੱਕ ਹਜਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰਕੇ ਗੁਮਰਾਹ ਕੀਤਾ ਅਤੇ ਵੋਟਾਂ ਹਾਸਲ ਕੀਤੀਆਂ ਸੀ। ਪਰ ਅੱਜ 45 ਮਹੀਨੇ ਬੀਤਣ ਦੇ ਬਾਵਜੂਦ ਔਰਤਾਂ ਨੂੰ ਇੱਕ ਹਜਾਰ ਰੁਪਏ ਪ੍ਰਤੀ ਮਹੀਨਾ ਦੇਣਾ ਸ਼ੁਰੂ ਤੱਕ ਨਹੀਂ ਕੀਤਾ ਗਿਆ ਹੈ। ਉਨ੍ਹਾ ਮੰਗ ਕੀਤੀ ਕਿ ਪੰਜਾਬ ਸਰਕਾਰ ਜਲਦ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣਾ ਸ਼ੁਰੂ ਕਰੇ ਅਤੇ ਇਸ ਦੇ ਨਾਲ ਹੀ ਪਿਛਲੇ 45 ਮਹੀਨਿਆਂ ਦਾ ਬਕਾਇਆ 45 ਹਜਾਰ ਰੁਪਏ ਵੀ ਹਰ ਔਰਤ ਨੂੰ ਜਾਰੀ ਕੀਤਾ ਜਾਵੇ।
Advertisement
