ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 6 ਮਈ
ਮੁਹਾਲੀ ਪੁਲੀਸ ਵੱਲੋਂ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨੂੰ ਗ਼ੈਰਵਾਜਬ ਕਰਾਰ ਦਿੰਦਿਆਂ ਅੱਜ ਸ਼ਾਮ ਵੇਲੇ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਰਾਣਾ ਭਾਨੂ ਪ੍ਰਤਾਪ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਡੀਸੀ ਅਤੇ ਐੱਸਐੱਸਪੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੁਤਲਾ ਸਾੜਿਆ। ਇਸ ਮੌਕੇ ਰਾਣਾ ਭਾਨੂ ਪ੍ਰਤਾਪ ਨੇ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਭਾਜਪਾ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਹ ਸਾਰਾ ਕੁੱਝ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭੜਕਾਉਣ ਲਈ ਕੀਤਾ ਜਾ ਰਿਹਾ ਹੈ। ਰਾਣਾ ਭਾਨੂ ਪ੍ਰਤਾਪ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ। ਉਨ੍ਹਾਂ ‘ਆਪ’ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਵੱਡੇ ਪੱਧਰ ’ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ।