ਚੰਡੀਗੜ੍ਹ ਭਾਜਪਾ ਨੇ ਅੱਜ ਸੈਕਟਰ 33 ਸਥਿਤ ਪਾਰਟੀ ਦਫ਼ਤਰ ਵਿੱਚ ਭਾਜਪਾ ਦਾ 47ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ। ਇਸ ਮੌਕੇ ਜੰਮੂ ਕਸ਼ਮੀਰ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਰਵਿੰਦਰ ਰੈਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜਿਨ੍ਹਾਂ ਨੇ ਭਾਜਪਾ ਦਾ ਝੰਡਾ ਲਹਿਰਾ ਕੇ ਸਾਰਿਆਂ ਨੂੰ ਭਾਜਪਾ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਇਸ ਦੌਰਾਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੀ ਮੌਜੂਦ ਰਹੇ। ਭਾਜਪਾ ਵੱਲੋਂ ਸਥਾਪਨਾ ਦਿਵਸ ਮੌਕੇ ਪਾਰਟੀ ਲਈ ਪਹਿਲੇ ਦਿਨ ਤੋਂ ਕੰਮ ਕਰਨ ਵਾਲੇ ਸੀਨੀਅਰ ਮੈਂਬਰ ਜਤਿੰਦਰ ਚੋਪੜਾ, ਦੇਸਰਾਜ ਟੰਡਨ ਅਤੇ ਪੁਰਸ਼ੋਤਮ ਮਹਾਜਨ ਨੂੰ ਸਨਮਾਨਿਤ ਕੀਤਾ ਗਿਆ।
ਰਵਿੰਦਰ ਰੈਣਾ ਨੇ ਕਿਹਾ ਕਿ ਭਾਜਪਾ ਦੀ ਸਥਾਪਨਾ 6 ਅਪਰੈਲ 1980 ਨੂੰ ਹੋਈ ਸੀ। ਭਾਜਪਾ ਨੇ ਪਹਿਲੇ ਦਿਨ ਤੋਂ ਲੋਕ ਹਿੱਤ ਵਿੱਚ ਕੰਮ ਕੀਤਾ ਹੈ, ਜਿਸ ਲਈ ਵੱਡੀ ਗਿਣਤੀ ਵਿੱਚ ਲੋਕਾਂ ਨੇ ਤਿਆਰ ਕੀਤਾ। ਇਸੇ ਸਖਤ ਮਿਹਨਤ ਅਤੇ ਤਿਆਗ ਦੇ ਚੱਲਦਿਆਂ ਭਾਜਪਾ ਦੇਸ਼ ਵਿੱਚ ਸਾਲ 2014 ਤੋਂ ਲਗਾਤਾਰ ਚੋਣਾਂ ਜਿੱਤਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੇਸ਼ ਨੂੰ 2047 ਤੱਕ ਵਿਕਸਤ ਭਾਰਤ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਆਉਣ ਵਾਲੀ ਨਗਰ ਨਿਗਮ ਚੋਣਾਂ ਵਿੱਚ ਵੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਸ੍ਰੀ ਮਲਹੋਤਰਾ ਨੇ ਕਿਹਾ ਕਿ ਭਾਜਪਾ ਵੱਲੋਂ ਪਾਰਟੀ ਦਾ ਸਥਾਪਨਾ ਦਿਵਸ ਸ਼ਹਿਰ ਦੇ ਸਾਰੇ 35 ਮੰਡਲਾਂ ਵਿੱਚ ਬੂਥ ਪੱਧਰ ’ਤੇ ਮਨਾਇਆ ਗਿਆ। ਇਸ ਦੌਰਾਨ ਸਾਰੇ ਪਾਰਟੀ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਆ ਗਿਆ।

