DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BKU Protest: 5 ਅਕਤੂਬਰ ਤੋਂ ਡੀ.ਸੀ. ਤੇ ਐੱਸ.ਡੀ.ਐੱਮ. ਦਫ਼ਤਰਾਂ ਦੇ 24 ਘੰਟਿਆਂ ਦੇ ਘਿਰਾਓ ਦਾ ਐਲਾਨ

ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਲਾਲੜੂ ਸਰਕਲ ਦੇ ਕਿਸਾਨਾਂ-ਮਜ਼ਦੂਰਾਂ ਨੂੰ ਸੰਘਰਸ਼ ਲਈ ਲਾਮਬੰਦ ਕਰਨ ਵਾਸਤੇ ਕੀਤੀਆਂ ਮੀਟਿੰਗਾਂ

  • fb
  • twitter
  • whatsapp
  • whatsapp
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਿਸਾਨਾਂ-ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿੱਚ 5 ਅਕਤੂਬਰ ਤੋਂ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਅਤੇ ਐੱਸ.ਡੀ.ਐੱਮ. ਦਫ਼ਤਰਾਂ ਦਾ 24 ਘੰਟਿਆਂ ਦਾ ਲਗਾਤਾਰ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸੰਘਰਸ਼ ਦੀ ਤਿਆਰੀ ਵਜੋਂ ਜਥੇਬੰਦੀ ਵੱਲੋਂ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਜਿਸ ਤਹਿਤ ਅੱਜ ਲਾਲੜੂ ਸਰਕਲ ਦੇ ਪਿੰਡ ਮਲਕਪੁਰ, ਖੇੜੀ ਜੱਟਾਂ, ਹਮਾਯੂੰਪੁਰ ਅਤੇ ਸਾਧਾਂਪੁਰ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਦੌਰਾਨ ਕਿਹਾ ਕਿ 5 ਅਕਤੂਬਰ ਦੀ ਰਾਤ 12 ਵਜੇ ਤੋਂ ਸ਼ੁਰੂ ਹੋਣ ਵਾਲੇ ਘਿਰਾਓ ਅਗਲੇ ਦਿਨ ਰਾਤ 12 ਵਜੇ ਤੱਕ ਲਗਾਤਾਰ ਜਾਰੀ ਰਹਿਣਗੇ, ਜਿਸ ਦੌਰਾਨ ਵੱਡੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ।

Advertisement

Advertisement

ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗਾਂ ਵਿੱਚ ਕੀਤੇ ਵਾਅਦੇ ਵੀ ਅਮਲ ਵਿੱਚ ਨਹੀਂ ਲਿਆਂਦੇ ਗਏ। ਉਨ੍ਹਾਂ ਕਿਹਾ ਕਿ ਜਥੇਬੰਦੀ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਦਾ ਵਿਰੋਧ ਕਰ ਰਹੀ ਹੈ। ਇਸ ਤੋਂ ਇਲਾਵਾ ਬਿਜਲੀ ਬਿੱਲ, ਬੀਜ ਬਿੱਲ ਅਤੇ ਸਾਰੀਆਂ ਫ਼ਸਲਾਂ ’ਤੇ ਐੱਮ.ਐੱਸ.ਪੀ. (MSP) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਵੀ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

ਉਗਰਾਹਾਂ ਨੇ ਲੈਂਡ ਪੂਲਿੰਗ ਨੀਤੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਲੈਣ ਦਾ ਵਿਰੋਧ ਕਰਦਿਆਂ ਕਿਹਾ ਕਿ ਜਥੇਬੰਦੀ ਇਸ ਨੀਤੀ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਕਿਸਾਨਾਂ ਨਾਲ ਕਿਸੇ ਤਰ੍ਹਾਂ ਦੀ ਵੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਜਬਰੀ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੇ ਜਾਣ ਦਾ ਵੀ ਜ਼ਬਰਦਸਤ ਢੰਗ ਨਾਲ ਵਿਰੋਧ ਕੀਤਾ ਜਾਵੇਗਾ।

ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਨ, ਸੂਬਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਸੰਗਰੂਰ ਅਮਰੀਕ ਸਿੰਘ ਗੰਢੂਆਂ, ਭਵਾਨੀਗੜ੍ਹ ਬਲਾਕ ਦੇ ਖ਼ਜ਼ਾਨਚੀ ਬਲਵਿੰਦਰ ਸਿੰਘ ਘਟੌੜਾ ਜੱਟਾਂ, ਜਨਰਲ ਸਕੱਤਰ ਜਸਵੀਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮੁਹਾਲੀ ਲਖਵਿੰਦਰ ਸਿੰਘ ਹੈਪੀ ਮਲਕਪੁਰ, ਧਰਵਿੰਦਰ ਸਿੰਘ ਜੋਲਾਂ, ਜਵਾਲਾ ਸਿੰਘ ਖੇੜੀ ਜੱਟਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਔਰਤਾਂ ਅਤੇ ਨੌਜਵਾਨ ਹਾਜ਼ਰ ਸਨ।

Advertisement
×