ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਮਈ
ਪੰਜਾਬ ਸਰਕਾਰ ਕਾਲਾ-ਬਾਜ਼ਾਰੀ ਰੋਕਣ ਦੇ ਦਾਅਵਿਆਂ ਦੇ ਬਾਵਜੂਦ ਮੌਜੂਦਾ ਹਾਲਾਤ ਕੁਝ ਹੋਰ ਹੀ ਬਿਆਨ ਕਰ ਰਹੇ ਹਨ। ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਦੋਸ਼ ਲਾਇਆ ਕਿ ਬਲੈਕ ਫੰਗਸ ਦੇ ਇਲਾਜ ਲਈ ਵਰਤਿਆ ਜਾਣ ਵਾਲਾ ਟੀਕਾ ਬਲੈਕ ਵਿੱਚ ਵਿੱਕ ਰਿਹਾ ਹੈ ਅਤੇ ਲੋਕਾਂ ਨੂੰ ਜ਼ਰੂਰੀ ਦਵਾਈਆਂ ਲਈ ਖੱਜਲ-ਖੁਆਰ ਕੀਤਾ ਜਾ ਰਿਹਾ ਹੈ।
ਸ੍ਰੀ ਕਾਹਲੋਂ ਨੇ ਕਿਹਾ ਕਿ ਕਰੋਨਾ ਅਤੇ ਬਲੈਕ ਫੰਗਸ ਦੇ ਇਲਾਜ ਦੇ ਪੂਰੇ ਪ੍ਰਬੰਧ ਹੋਣ ਸਬੰਧੀ ਕੀਤੇ ਜਾਂਦੇ ਸਰਕਾਰੀ ਦਾਅਵੇ ਸੱਚਾਈ ਤੋਂ ਕੋਹਾਂ ਦੂਰ ਹਨ ਜਦੋਂਕਿ ਅਸਲੀਅਤ ਇਹ ਹੈ ਕਿ ਫੰਗਸ ਦੇ ਇਲਾਜ ਵਾਲੇ ਟੀਕਿਆਂ ਦੀ ਬਹੁਤ ਉੱਚੇ ਭਾਅ ਦੀ ਕਾਲਾ ਬਾਜ਼ਾਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬਲੈਕ ਫੰਗਸ ਦੇ ਇਲਾਜ ਲਈ ਲੋੜੀਂਦੇ ਟੀਕੇ ਨਹੀਂ ਮਿਲ ਰਹੇ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਟੀਕਿਆਂ ਦੀ ਬਹੁਤ ਉੱਚੇ ਭਾਅ ’ਤੇ ਬਲੈਕ ਮਾਰਕੀਟਿੰਗ ਹੋ ਰਹੀ ਹੈ ਜਿਸ ਕਾਰਨ ਲੋਕ ਆਪਣੇ ਪਰਿਵਾਰ ਦੇ ਮਰੀਜ਼ਾਂ ਦਾ ਇਲਾਜ ਕਰਵਾਉਣ ਤੋਂ ਅਸਮਰਥ ਹਨ, ਪ੍ਰੰਤੂ ਸਰਕਾਰੀ ਤੰਤਰ ਮੂਕ ਦਰਸ਼ਕ ਬਣ ਕੇ ਬੈਠਾ ਹੈ। ਸ੍ਰੀ ਕਾਹਲੋਂ ਨੇ ਕਿਹਾ ਕਿ ਐਮਫੋਟੇਰੀਸਿਲ-ਬੀ ਟੀਕਾ (ਸਿਪਲਾ ਕੰਪਨੀ ਦਾ) ਜੋ ਪ੍ਰਾਈਵੇਟ ਹਸਪਤਾਲਾਂ ਵਾਲੇ ਡਾਕਟਰ ਲਿਖਦੇ ਹਨ। ਜਦੋਂ ਮਰੀਜ਼ ਕੈਮਿਸਟ ਤੋਂ ਟੀਕਾ ਮੰਗਦਾ ਹੈ ਤਾਂ ਅੱਗਿਓਂ ਜਵਾਬ ਮਿਲਦਾ ਹੈ ਸਟਾਕ ਵਿੱਚ ਨਹੀਂ ਹੈ ਅਤੇ ਜੇਕਰ ਕੋਈ ਲਿਆ ਕੇ ਦੇਣ ਦੀ ਗੱਲ ਕਰਦਾ ਹੈ ਤਾਂ 2 ਹਜ਼ਾਰ ਰੁਪਏ ਵਾਲਾ ਟੀਕਾ 12 ਹਜ਼ਾਰ ਤੋਂ 15 ਹਜ਼ਾਰ ਰੁਪਏ ਵਿੱਚ ਮਿਲਦਾ ਹੈ। ਇੰਜ ਹੀ 155 ਰੁਪਏ ਦੀ ਕੀਮਤ ਵਾਲਾ ਜੈਨਰਿਕ ਟੀਕਾ 5500 ਰੁਪਏ ਵਿੱਚ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਮਰੀਜ਼ ਨੂੰ ਇਸ ਟੀਕੇ ਦੀਆਂ 100 ਤੱਕ ਖ਼ੁਰਾਕਾਂ ਲੱਗਦੀਆਂ ਹਨ। ਉਨ੍ਹਾਂ ਸਿਹਤ ਮੰਤਰੀ ਅਤੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪਹਿਲ ਦੇ ਆਧਾਰ ’ਤੇ ਟੀਕਿਆਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਮਰੀਜ਼ਾਂ ਨੂੰ ਲੁੱਟ-ਖਸੁੱਟ ਤੋਂ ਬਚਾਇਆ ਜਾ ਸਕੇ।
ਕੀ ਕਹਿੰਦੇ ਨੇ ਏਡੀਸੀ
ਏਡੀਸੀ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਮਹਾਮਾਰੀ ਅਤੇ ਬਲੈਕ ਫੰਗਸ ਦੇ ਇਲਾਜ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਸਰਕਾਰੀ ਹਸਪਤਾਲਾਂ ਅਤੇ ਨਿਜੀ ਹਸਪਤਾਲਾਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ। ਮਰੀਜ਼ਾਂ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।