ਆਤਿਸ਼ ਗੁਪਤਾ
ਚੰਡੀਗੜ੍ਹ, 4 ਸਤੰਬਰ
ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਸ਼ਹਿਰ ਨਜ਼ਦੀਕ ਠੱਕਰਪੁਰਾ ਪਿੰਡ ਵਿੱਚ ਪਿਛਲੇ ਦਿਨੀਂ ਸ਼ਰਾਰਤੀ ਅਨਸਰਾਂ ਵੱਲੋਂ ਈਸਾਈ ਭਾਈਚਾਰੇ ਦੇ ਗਿਰਜਾਘਰ ਵਿੱਚ ਜਬਰੀ ਦਾਖ਼ਲ ਹੋ ਕੇ ਈਸਾ ਮਸੀਹ ਅਤੇ ਮਰੀਅਮ ਦੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਏ ਜਾਣ ਅਤੇ ਵਾਹਨਾਂ ਨੂੰ ਅੱਗ ਲਗਾਏ ਜਾਣ ਦੀ ਘਟਨਾ ਖ਼ਿਲਾਫ਼ ਅੱਜ ਇੱਥੇ ਚੰਡੀਗੜ੍ਹ ਦੇ ਸੈਕਟਰ-17 ਸਥਿਤ ਪਲਾਜ਼ਾ ਵਿੱਚ ਸਾਰੇ ਧਰਮਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਸ਼ਾਂਤੀ ਮਾਰਚ ਕੱਢਿਆ। ਇਨ੍ਹਾਂ ਸ਼ਰਧਾਲੂਆਂ ਨੇ 31 ਅਗਸਤ ਨੂੰ ਵਾਪਰੀ ਘਟਨਾ ਦੀ ਨਿੰਦਾ ਕੀਤੀ ਅਤੇ ਸਮਾਜ ਵਿੱਚ ਸ਼ਾਂਤੀ ਬਣਾਏ ਰੱਖਣ ਲਈ ਮੋਮਬੱਤੀਆਂ ਜਗਾ ਕੇ ਪ੍ਰਾਰਥਨਾ ਕੀਤੀ।
ਟਰਾਈਸਿਟੀ ਚਰਚ ਐਸੋਸੀਏਸ਼ਨ ਦੇ ਪ੍ਰਧਾਨ ਲਾਰੈਂਸ ਮਲਿਕ ਨੇ ਕਿਹਾ ਕਿ ਚਰਚ ਵਿੱਚ ਵਾਪਰੀ ਘਟਨਾ ਨੂੰ ਕਰੀਬ ਪੰਜ ਦਿਨ ਬੀਤ ਚੁੱਕੇ ਹਨ ਪਰ ਉਸ ਦੇ ਬਾਵਜੂਦ ਦੋਸ਼ੀਆਂ ਦਾ ਕੁਝ ਪਤਾ ਨਹੀਂ ਲੱਗ ਸੱਕਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਤੋਂ ਬਾਅਦ ਈਸਾਈ ਭਾਈਚਾਰੇ ਦੇ ਮਨਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਇਸ ਲਈ ਈਸਾਈ ਭਾਈਚਾਰੇ ਵੱਲੋਂ ਪੰਜਾਬ ਦੇ ਸਾਰੇ ਗਿਰਜਾਘਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਜਾਂਦੀ ਹੈ ਅਤੇ ਉਕਤ ਘਟਨਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤੇ ਜਾਣ ਦੀ ਅਪੀਲ ਕੀਤੀ ਜਾਂਦੀ ਹੈ।
ਸੈਕਟਰ-17 ਵਿੱਚ ਸ਼ਾਂਤੀ ਮਾਰਚ ਕੱਢ ਰਹੇ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਕਿਹਾ ਕਿ ਪੰਜ ਦਿਨ ਪਹਿਲਾਂ ਵਾਪਰੀ ਘਟਨਾ ਨੂੰ ਸਾਜ਼ਿਸ਼ ਤਹਿਤ ਅੰਜਾਮ ਦਿੱਤਾ ਗਿਆ ਹੈ, ਇਸ ਲਈ ਸਰਕਾਰ ਨੂੰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਕੇ ਦੋਸ਼ੀਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨਾ ਚਾਹੀਦਾ ਹੈ। ਪੰਜਾਬ ਵਿੱਚ ਈਸਾਈ ਧਾਰਮਿਕ ਘੱਟ ਗਿਣਤੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਹੋਰਨਾਂ ਥਾਵਾਂ ’ਤੇ ਮੁਸਲਿਮ ਘੱਟ ਗਿਣਤੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਕਤ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇ। ਇਸ ਦੇ ਨਾਲ ਹੀ ਘੱਟ ਗਿਣਤੀ ’ਤੇ ਲਗਾਤਾਰ ਹੋ ਰਹੇ ਹਮਲਿਆਂ ਨੂੰ ਵੀ ਨੱਥ ਪਾਵੇ। ਇਸ ਮੌਕੇ ਅਗਨੀਸ਼ੀਅਸ ਫਾਦਰ ਪ੍ਰੇਮਾ ਨੰਦ, ਫਾਦਰ ਐਮਰੋਜ਼, ਫਾਦਰ ਰੌਬਰਟ, ਵਿਸ਼ਵ (ਪ੍ਰਾਈਮ ਐੈਂਡਰਸਨ), ਪਾਸਟਰ ਰਣਦੀਪ ਮੈਥਿਊ ਅਤੇ ਪੀਟਰ ਯੋਨਸ ਸਣੇ ਵੱਡੀ ਗਿਣਤੀ ਵਿੱਚ ਹਿੰਦੂ, ਸਿੱਖ, ਮੁਸਲਿਮ ਅਤੇ ਈਸਾਈ ਭਾਈਚਾਰੇ ਦੇ ਲੋਕ ਹਾਜ਼ਰ ਸਨ।