ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 4 ਫਰਵਰੀ
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਈ ਕਾਂਗਰਸੀ ਆਗੂ, ਨੌਜਵਾਨ ਅਤੇ ਔਰਤਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ
ਕੁਲਵੰਤ ਸਿੰਘ ਨੇ ਆਪ ਵਿੱਚ ਸ਼ਾਮਲ ਹੋਣ ਵਾਲੇ ਕਾਂਗਰਸ ਦੇ ਸੂਬਾ ਸਕੱਤਰ ਤੇ ਘੱਟ ਗਿਣਤੀ ਸੈੱਲ ਦੇ ਚੇਅਰਮੈਨ ਸੰਨੀ ਬਾਵਾ (ਜੋ ਕ੍ਰਿਸ਼ਚੀਅਨ ਸਮਾਜ ਮੁਹਾਲੀ ਦੇ ਪ੍ਰਧਾਨ ਵੀ ਹਨ), ਸਾਬਕਾ ਓਐਸਡੀ ਬੀ.ਸੀ. ਪ੍ਰੇਮੀ ਸਮੇਤ ਕਾਂਗਰਸ ਆਗੂ ਮਮਤਾ ਜੈਨ ਬਲੌਂਗੀ ਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਂ ’ਤੇ ਲੋਕਾਂ ਨੂੰ ਗੁਮਰਾਹ ਕਰਨ ਵਾਲੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਸਿਆਸਤ ’ਚੋਂ ਲਾਂਭੇ ਕਰਨ ਲਈ ਇਲਾਕੇ ਦੇ ਲੋਕ ਬਹੁਤ ਉਤਾਵਲੇ ਹਨ। ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਮੁਹਾਲੀ ਤੋਂ ਕੁਲਵੰਤ ਸਿੰਘ ਨੂੰ ਵੱਡੀ ਲੀਡ ਨਾਲ ਜਿੱਤ ਦਿਵਾਈ ਜਾਵੇਗੀ। ਇਸ ਮੌਕੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ ਆਦਿ ਹਾਜ਼ਰ ਸਨ।