ਜਗਮੋਹਨ ਸਿੰਘ
ਘਨੌਲੀ, 22 ਸਤੰਬਰ
ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਜ਼ਿਲ੍ਹਾ ਰੂਪਨਗਰ ਦੇ ਪੈਟਰੋਲ ਪੰਪ ਮਾਲਕਾਂ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਉਨ੍ਹਾਂ ਦਾ ਕਾਰੋਬਾਰ ਬਚਾਉਣ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਸੂਬਿਆਂ ਤੋਂ ਇਲਾਵਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਟੈਕਸ ਪੰਜਾਬ ਨਾਲੋਂ ਘੱਟ ਹੈ। ਇਸ ਕਰਕੇ ਪੰਜਾਬ ਦੀ ਸਰਹੱਦ ਨਾਲ ਲੱਗਣ ਵਾਲੇ ਇਲਾਕੇ ਦੇ ਲੋਕ ਡੀਜ਼ਲ ਤੇ ਪੈਟਰੋਲ ਖਰੀਦਣ ਲਈ ਨਾਲ ਦੇ ਸੂਬਿਆਂ ਵੱਲ ਜਾਂਦੇ ਹਨ। ਕਸਬਾ ਘਨੌਲੀ ਤੋਂ ਲੈ ਕੇ ਨੰਗਲ ਸਹਿ਼ਰ ਤੱਕ ਦਾ ਇਲਾਕਾ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਜੁੜਿਆ ਹੋਣ ਕਰਕੇ ਇਸ ਖਿੱਤੇ ਵਿੱਚ ਸਥਿਤ ਪੈਟਰੋਲ ਪੰਪ ਮਾਲਕਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੀਜ਼ਲ ਅਤੇ ਪੈਟਰੋਲ ’ਤੇ ਟੈਕਸ ਦੀ ਦਰ ਹਿਮਾਚਲ ਪ੍ਰਦੇਸ਼ ਸੂਬੇ ਦੇ ਬਰਾਬਰ ਕਰਵਾਉਣ ਲਈ ਜ਼ਿਲ੍ਹਾ ਰੂਪਨਗਰ ਦੇ ਪੈਟਰੋਲ ਪੰਪ ਮਾਲਕ ਪੈਟਰੋਲੀਅਮ ਡੀਲਰਜ਼ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼ਿਵ ਕੁਮਾਰ ਜਗੋਤਾ ਦੀ ਅਗਵਾਈ ਵਿੱਚ ਕਈ ਵਾਰੀ ਸਰਕਾਰ ਨੂੰ ਮੰਗ ਪੱਤਰ ਸੌਂਪ ਚੁੱਕੇ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਹੁਣ ਸ੍ਰੀ ਚੰਨੀ ਦੇ ਮੁੱਖ ਮੰਤਰੀ ਬਣਨ ਉਪਰੰਤ ਪੈਟਰੋਲ ਪੰਪ ਮਾਲਕਾਂ ਨੂੰ ਆਸ ਦੀ ਕਿਰਨ ਦਿਖਾਈ ਦੇਣ ਲੱਗ ਪਈ ਹੈ ਅਤੇ ਸ੍ਰੀ ਜਗੋਤਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਜਲਦੀ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਦੇ ਕੇ ਡੀਜ਼ਲ ਅਤੇ ਪੈਟਰੋਲ ’ਤੇ ਟੈਕਸ ਦੀ ਦਰ ਗੁਆਂਢੀ ਸੂਬਿਆਂ ਦੇ ਬਰਾਬਰ ਕਰਨ ਦੀ ਮੰਗ ਕਰੇਗੀ।