ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 11 ਨਵੰਬਰ
ਪੰਜਾਬ ਸਰਕਾਰ ਵੱਲੋਂ ਨਰਸਿੰਗ ਐਸੋਸੀਏਸ਼ਨ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਸੂਬੇ ਅੰਦਰ ਸਟੇਟ ਬਾਡੀ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿੱਚ ਸਮੂਹ ਸਟਾਫ ਨਰਸਾਂ ਨੇ ਚੌਥੇ ਦਿਨ ਵੀ ਹੜਤਾਲ ਜਾਰੀ ਰੱਖੀ। ਐਮਰਜੈਂਸੀ ਸੇਵਾਵਾਂ ਦਾ ਬਾਈਕਾਟ ਕਰ ਕੇ ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਸਰਕਾਰ ਦੇ ਨਾਮ ’ਤੇ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ। ਜੁਆਇੰਟ ਐਕਸ਼ਨ ਕਮੇਟੀ ਦੀ ਕਨਵੀਨਰ ਸਤਵੰਤ ਕੌਰ ਅਤੇ ਦਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਰਸਿੰਗ ਕੇਡਰ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਨਰਸਿੰਗ ਕੇਡਰ ਅੱਜ ਸੜਕਾਂ ’ਤੇ ਰੁਲਣ ਲਈ ਮਜਬੂਰ ਹੈ। ਉਨ੍ਹਾਂ ਕਿਹਾ ਕਿ ਕੇਡਰ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ, ਜਿਸ ਵਿੱਚ ਛੇਵੇਂ ਤਨਖਾਹ ਕਮਿਸ਼ਨ ਦੀ ਅਨਾਮਲੀ ਦੂਰ ਕਰਨਾ, ਡਾਈਟ, ਯੂਨੀਫਾਰਮ, ਨਾਈਟ ਡਿਊਟੀ, ਟਰੈਵਲਿੰਗ ਅਲਾਊਂਸ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਆਊਟਸੋਰਸਿੰਗ ਤੇ ਕਰੋਨਾ ਕਾਲ ਵਿਚ ਰੱਖੇ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨਾ ਅਤੇ ਕੇਂਦਰੀ ਪੈਟਰਨ ’ਤੇ ਨਰਸਿੰਗ ਸਟਾਫ਼ ਨਰਸ ਦਾ ਨਾਮ ਬਦਲ ਕੇ ਨਰਸਿੰਗ ਅਫ਼ਸਰ ਰੱਖਣਾ ਆਦਿ ਸ਼ਾਮਿਲ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੇ ਜਾਣ ’ਤੇ ੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।