ਅਨੰਦਪੁਰ ਸਾਹਿਬ ’ਚ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ !
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸੱਦਿਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਸਮਾਗਮ ਮੁੱਖ ਤੌਰ...
Advertisement
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸੱਦਿਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਸਮਾਗਮ ਮੁੱਖ ਤੌਰ ’ਤੇ 23 ਨਵੰਬਰ ਨੂੰ ਸ਼ੁਰੂ ਹੋ ਰਹੇ ਹਨ ਅਤੇ 24 ਨਵੰਬਰ ਨੂੰ ਸ਼ਹੀਦੀ ਦਿਹਾੜਾ ਹੈ। ਇਤਿਹਾਸ ’ਚ ਪਹਿਲੀ ਵਾਰ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਰਾਜਧਾਨੀ ਤੋਂ ਬਾਹਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦਿਆ ਜਾ ਰਿਹਾ ਹੈ।
ਪੰਜਾਬ ਸਰਕਾਰ ਨੇ ਇਸ ਇਜਲਾਸ ਦੀ ਤਿਆਰੀ ਵਿੱਢ ਦਿੱਤੀ ਹੈ ਅਤੇ ਇਸ ਸਰਕਾਰੀ ਤਜਵੀਜ਼ ’ਤੇ ਮੰਥਨ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਵਿਸ਼ੇਸ਼ ਮੀਟਿੰਗ ਸੱਦੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਭਾਰਤੀ ਸੰਵਿਧਾਨ ਮੁਤਾਬਿਕ ਵਿਧਾਨ ਸਭਾ ਦਾ ਸੈਸ਼ਨ ਕਿਤੇ ਵੀ ਹੋ ਸਕਦਾ ਹੈ ਅਤੇ ਗਵਰਨਰ ਦੀ ਮਨਜ਼ੂਰੀ ਨਾਲ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਨਵੰਬਰ ਨੂੰ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਵਿਖੇ ਇਹ ਇਜਲਾਸ ਸੱਦਣ ਦੀ ਤਿਆਰੀ ’ਚ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 5 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਦਾ ਉਦਘਾਟਨ ਕਰਨਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕਰਨ ਲਈ ਇੱਕ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬੁਲਾਈ ਹੈ ਜਿਸ ’ਚ ਸੈਸ਼ਨ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਨਾਲ ਇਸ ਬਾਰੇ ਚਿੱਠੀ ਪੱਤਰ ਕੀਤਾ ਜਾ ਰਿਹਾ ਹੈ।
Advertisement