ਰਿਸ਼ਵਤਖੋਰੀ ਮਾਮਲਾ: ਡੀਆਈਜੀ ਹਰਚਰਨ ਸਿੰਘ ਭੁੱਲਰ ਮੁਅੱਤਲ
ਪੰਜਾਬ ਦੇ ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਰਾਜ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ। ਹਰਚਰਨ ਭੁੱਲਰ ਨੂੰ ਇੱਕ ਹੋਰ ਵਿਅਕਤੀ ਨਾਲ ਵੀਰਵਾਰ ਨੂੰ 8 ਲੱਖ ਰੁਪਏ ਦੀ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਅਧਿਕਾਰੀ ਨੂੰ ਇੱਕ ਸਕਰੈਪ ਡੀਲਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਉਸ ਦੇ ਮੁਹਾਲੀ ਦਫਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹਰਚਰਨ ਭੁੱਲਰ ਨੂੰ ਸੀਬੀਆਈ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਪੰਜਾਬ ਗ੍ਰਹਿ ਮਾਮਲਿਆਂ ਦੇ ਵਿਭਾਗ ਦੇ ਅੱਜ ਜਾਰੀ ਕੀਤੇ ਗਏ ਇੱਕ ਹੁਕਮ ਵਿੱਚ ਕਿਹਾ ਗਿਆ ਹੈ ਕਿ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮਾਂ ਦੇ ਨਿਯਮ 3(2) ਅਨੁਸਾਰ ਜੇ ਕਿਸੇ ਸਰਕਾਰੀ ਮੁਲਾਜ਼ਮ ਨੂੰ ਅਪਰਾਧਿਕ ਜਾਂ ਹੋਰ ਕਿਸੇ ਦੋਸ਼ ਹੇਠ ਹਿਰਾਸਤ ਵਿੱਚ ਰੱਖਿਆ ਜਾਂਦਾ ਹੈ ਤਾਂ ਅਠਤਾਲੀ ਘੰਟਿਆਂ ਤੋਂ ਵੱਧ ਸਮੇਂ ਲਈ ਗ੍ਰਿਫ਼ਤਾਰ ਰਹਿਣ ’ਤੇ ਇਸ ਨਿਯਮ ਤਹਿਤ ਸਬੰਧਤ ਸਰਕਾਰ ਵਲੋਂ ਮੁਅੱਤਲ ਕੀਤਾ ਗਿਆ ਮੰਨਿਆ ਜਾਵੇਗਾ ਤੇ ਸਰਕਾਰ ਨੇ ਉਕਤ ਨਿਯਮ ਤਹਿਤ ਹਰਚਰਨ ਸਿੰਘ ਭੁੱਲਰ ਆਈਪੀਐਸ ਨੂੰ 16 ਅਕਤੂਬਰ ਤੋਂ ਮੁਅੱਤਲ ਕਰ ਦਿੱਤਾ ਹੈ।
ਭੁੱਲਰ ਨੂੰ ਉਨ੍ਹਾਂ ਦੇ ਮੁਹਾਲੀ ਸਥਿਤ ਦਫ਼ਤਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸੀਬੀਆਈ ਦੀ ਟੀਮ ਨੇ ਇੱਕ ਹੋਰ ਵਿਅਕਤੀ ਨੂੰ ਵੀ ਕਾਬੂ ਕੀਤਾ ਸੀ। ਸੀਬੀਆਈ ਨੇ ਡੀਆਈਜੀ ਹਰਚਰਨ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਦੀ ਚੰਡੀਗੜ੍ਹ ਦੇ ਸੈਕਟਰ-40 ਸਥਿਤ ਰਿਹਾਇਸ਼ ’ਤੇ ਛਾਪਾ ਮਾਰਿਆ। ਇਸ ਦੌਰਾਨ ਸਾਢੇ ਸੱਤ ਕਰੋੜ ਰੁਪਏ ਨਗਦ, ਢਾਈ ਕਿਲੋ ਸੋਨਾ, 22 ਮਹਿੰਗੀਆਂ ਘੜੀਆਂ, ਮਹਿੰਗੀ ਸ਼ਰਾਬ ਦੀਆਂ 40 ਬੋਤਲਾਂ, Audi ਤੇ BMW ਸਮੇਤ ਦੋ ਲਗਜ਼ਰੀ ਵਾਹਨਾਂ ਦੀਆਂ ਚਾਬੀਆਂ ਅਤੇ ਪੰਜਾਬ ਵਿੱਚ ਕੁਝ ਜਾਇਦਾਦਾਂ ਦੇ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਦੋਨਾਲੀ ਰਾਈਫਲ, ਪਿਸਤੌਲ, ਰਿਵਾਲਵਰ ਅਤੇ ਏਅਰਗੰਨ ਤੇ ਗੋਲੀ-ਸਿੱਕਾ ਵੀ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਭੁੱਲਰ ਦੇ ਕਥਿਤ ਸਹਿਯੋਗੀ ਕ੍ਰਿਸ਼ਾਨੂ ਨੂੰ 21 ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕੀਤਾ।
ਪੀਟੀਆਈ